ਪੀ.ਸੀ.ਐਸ ਅਫ਼ਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਬੇਸਿੱਟਾ

ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਬੇਨਤੀ ਕਰਨ ਨੂੰ ਮਜਬੂਰ ਹੈ।

By  Jasmeet Singh January 9th 2023 06:06 PM -- Updated: January 9th 2023 06:10 PM

ਮੁਹਾਲੀ, 9 ਜਨਵਰੀ: ਪੀ.ਸੀ.ਐਸ ਅਫ਼ਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਦੀ ਮੀਟਿੰਗ ਬੇਸਿੱਟਾ ਰਹੀ ਹੈ। ਹਾਲਾਂਕਿ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਤਾਰੀਫ਼ 'ਚ ਕੀਤੀ ਕਿ ਪਹਿਲਾਂ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਨ੍ਹੇ ਧੀਰਜ ਨਾਲ ਨਹੀਂ ਸੁਣਿਆ ਹੈ। ਉਨ੍ਹਾਂ ਦਾ ਕਹਿਣਾ ਕਿ, 'ਕਾਡਰ ਦੇ ਮੈਂਬਰਾਂ ਪ੍ਰਤੀ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੂਬੇ ਦੇ ਮੁੱਖ ਮੰਤਰੀ ਨੇ ਕਦੇ ਵੀ ਅਜਿਹੀ ਹਮਦਰਦੀ ਨਹੀਂ ਦਿਖਾਈ'।

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੀ.ਸੀ.ਐ$ਸ ਐਸੋਸੀਏਸ਼ਨ ਵੱਲੋਂ ਵਿਰੋਧ ਜ਼ਾਹਿਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਭਰ ’ਚ ਪੀ.ਸੀ.ਐੱਸ ਅਧਿਕਾਰੀ ਅੱਜ ਤੋਂ 5 ਦਿਨਾਂ ਦੇ ਲਈ ਸਮੂਹਿਕ ਛੁੱਟੀ ’ਤੇ ਚੱਲੇ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਬੇਨਤੀ ਕਰਨ ਨੂੰ ਮਜਬੂਰ ਹੈ। 

  • ਉਨ੍ਹਾਂ ਦੀ ਪਹਿਲੀ ਮੰਗ 'ਚ ਇਹ ਯਕੀਨੀ ਬਣਾਉਣ ਨੂੰ ਕਿਹਾ ਗਿਆ ਕਿ ਨਰਿੰਦਰ ਸਿੰਘ ਧਾਲੀਵਾਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ। 
  • ਦੂਜੀ ਇਹ ਕਿ ਵਿਜੀਲੈਂਸ ਬਿਊਰੋ ਦੇ ਉਨ੍ਹਾਂ ਅਧਿਕਾਰੀਆਂ ਵਿਰੁੱਧ ਐੱਫ.ਆਈ.ਆਰ ਦਰਜ ਕੀਤੀ ਜਾਵੇ ਜਿਨ੍ਹਾਂ ਨੇ ਤਰਸੇਮ ਚੰਦ ਪੀ.ਸੀ.ਐੱਸ ਨੂੰ ਮੁਕੱਦਮੇ 'ਚ ਫਰੇਮ ਕੀਤਾ ਅਤੇ ਉਹਨਾਂ ਅਧਿਕਾਰੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਮੁਅੱਤਲ ਕੀਤਾ ਜਾਵੇ।
  • ਅੱਗੇ ਉਨ੍ਹਾਂ ਮੰਗ ਕੀਤੀ ਹੈ ਕਿ ਪੁੱਛਗਿੱਛ ਅਤੇ ਐੱਫ.ਆਈ.ਆਰ ਦਰਜ ਕਰਨ ਦੇ ਮਾਮਲਿਆਂ ਵਿੱਚ ਐੱਸ.ਓ.ਪੀ ਇੱਕ ਹਫ਼ਤੇ ਦੇ ਅੰਦਰ ਤਿਆਰ ਕੀਤੀ ਜਾਵੇ। ਵਿਜੀਲੈਂਸ ਬਿਊਰੋ ਦੁਆਰਾ ਸਾਰੇ ਸਰਕਾਰੀ ਅਧਿਕਾਰੀਆਂ ਵਿਰੁੱਧ ਦਰਜ ਕੀਤੀਆਂ ਗਈਆਂ ਸਾਰੀਆਂ ਪੁੱਛਗਿੱਛਾਂ ਦੀ ਸਮੀਖਿਆ ਵੀ ਕੀਤੀ ਜਾਵੇਗੀ। ਚਾਹੇ ਉਹ ਕਿਸੇ ਵੀ ਵਿਭਾਗ ਦੀ ਹੋਵੇ।
  • ਅੰਤ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਨਰਿੰਦਰ ਸਿੰਘ ਧਾਲੀਵਾਲ ਦੇ ਖ਼ਿਲਾਫ਼ ਐੱਫ.ਆਈ.ਆਰ. ਨੂੰ ਰੱਦ ਕੀਤਾ ਜਾਵੇ।

ਉਨ੍ਹਾਂ ਦਾ ਕਹਿਣਾ ਕਿ ਹੁਣ ਇਹ ਫੈਸਲਾ ਕਰਨਾ ਸਰਕਾਰ ਦੇ ਅਧਿਕਾਰਾਂ ਦੇ ਹੱਥ ਹੈ ਕਿ ਪੀ.ਸੀ.ਐੱਸ ਅਧਿਕਾਰੀ ਕਿਸ ਤਰੀਕ ਨੂੰ ਆਪਣੀ ਡਿਊਟੀ 'ਤੇ ਵਾਪਸ ਆਉਣਗੇ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਮੁੱਦੇ 'ਤੇ ਕੀ ਕਦਮ ਚੁੱਕਦੀ ਹੈ।

ਕਾਬਿਲੇਗੌਰ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਦੇ ਰੋਸ ਵਜੋਂ ਬੀਤੇ ਦਿਨ ਪੰਜਾਬ ਸਿਵਲ ਸਰਵਿਸਿਜ਼ ਅਫਸਰ ਐਸੋਸੀਏਸ਼ਨ ਨੇ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ ਕੀਤਾ ਹੈ।

- ਰਿਪੋਰਟਰ ਰਵਿੰਦਰਮੀਤ ਦੇ ਸਹਿਯੋਗ ਨਾਲ 

Related Post