PTC News
Search
🔍 Search

Sunam ਦੇ ਤੋਲਾਵਾਲ ਪਿੰਡ ਚ ਮੰਤਰੀ ਅਮਨ ਅਰੋੜਾ ਦਾ ਘਿਰਾਓ, ਨੌਜਵਾਨਾਂ ਨੇ ਚੁੱਕਿਆ ਨਸ਼ਿਆਂ ਦਾ ਮੁੱਦਾ

'ਚਿੱਟੇ' ਨੂੰ ਲੈ ਕੇ ਨੌਜਵਾਨਾਂ ਨੇ ਸਟੇਜ 'ਤੇ ਹੀ ਪੁੱਛੇ ਤਿੱਖੇ ਸਵਾਲ, ਮਚਿਆ ਹੰਗਾਮਾ

By  Jaswinder Kaur November 11th 2026 05:54 PM

Aman Arora surrounded in Tolawal village of Sunam : ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਇੱਕ ਵਾਰ ਫਿਰ ਸਿਆਸੀ ਮਾਹੌਲ ਗਰਮਾ ਗਿਆ ਹੈ। ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਸਥਾਨਕ ਨੌਜਵਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਹ ਅੱਜ ਪਿੰਡ ਵਿੱਚ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਮਨਜ਼ੂਰੀ ਪੱਤਰ ਵੰਡਣ ਲਈ ਪਹੁੰਚੇ ਸਨ। ਇਸ ਦੌਰਾਨ ਨੌਜਵਾਨਾਂ ਨੇ ਸਟੇਜ ’ਤੇ ਹੀ ਮੰਤਰੀ ਨੂੰ ਘੇਰਦਿਆਂ ਪਿੰਡ ਵਿੱਚ ਕਥਿਤ ਤੌਰ ’ਤੇ ਵਿਕ ਰਹੇ ਨਸ਼ਿਆਂ ਅਤੇ ਲਗਾਤਾਰ ਵਾਪਰ ਰਹੀਆਂ ਚੋਰੀਆਂ ਦੇ ਮਾਮਲੇ ’ਤੇ ਜਵਾਬ ਮੰਗੇ।

ਇਹ ਵੀ ਪੜ੍ਹੋ : 

Ashirwad scheme Scam : 'ਆਪ' ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਨਾਮ ਦੇ ਸਥਾਨਕ ਨੌਜਵਾਨ ਦੀ ਅਗਵਾਈ ਹੇਠ ਨੌਜਵਾਨਾਂ ਦਾ ਇੱਕ ਸਮੂਹ ਅਚਾਨਕ ਮੰਚ ਕੋਲ ਪਹੁੰਚ ਗਿਆ ਅਤੇ ਉਨ੍ਹਾਂ ਨੇ ਪਿੰਡ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਿੱਧੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਪਿੰਡ ਦੇ ਸਰਪੰਚ ਅਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੇ ਪੁੱਛਿਆ ਕਿ ਕੀ ਪਿੰਡ ਵਿੱਚ ਚਿੱਟਾ ਵਿਕ ਰਿਹਾ ਹੈ ਜਾਂ ਨਹੀਂ ਅਤੇ ਕੀ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਾਂ ਨਹੀਂ ?

ਨੌਜਵਾਨਾਂ ਨੇ ਉੱਥੇ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਸਰਪੰਚ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ, ਕਿਉਂਕਿ ਇਲਾਕੇ ਵਿੱਚ ਸ਼ਰਾਬ ਦੀ ਵਿਕਰੀ ਵੀ ਹੋ ਰਹੀ ਹੈ। ਅਚਾਨਕ ਹੋਏ ਇਸ ਵਿਰੋਧ ਕਾਰਨ ਸਮਾਗਮ ਦੌਰਾਨ ਕੁਝ ਸਮੇਂ ਲਈ ਹੰਗਾਮੇ ਵਾਲੀ ਸਥਿਤੀ ਬਣ ਗਈ ਅਤੇ ਮੰਤਰੀ ਤੇ ਪ੍ਰਸ਼ਾਸਨਿਕ ਅਮਲੇ ਨੂੰ ਵੀ ਸਥਿਤੀ ਸੰਭਾਲਣੀ ਪਈ।

ਨੌਜਵਾਨਾਂ ਦੇ ਸਵਾਲਾਂ ’ਤੇ ਮੰਤਰੀ ਨੇ ਕੀ ਦਿੱਤਾ ਜਵਾਬ ?

ਨੌਜਵਾਨਾਂ ਦੇ ਤਿੱਖੇ ਸਵਾਲਾਂ ਤੋਂ ਬਾਅਦ ਅਮਨ ਅਰੋੜਾ ਨੇ ਉਨ੍ਹਾਂ ਨੂੰ ਸ਼ਾਂਤ ਰਹਿਣ ਅਤੇ ਆਪਣੀਆਂ ਸੀਟਾਂ ’ਤੇ ਬੈਠਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਲਈ ਤਿਆਰ ਹਨ। ਮੰਤਰੀ ਨੇ ਮੰਨਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨਾ ਇੱਕ ਵੱਡੀ ਚੁਣੌਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਪਰ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਸਮੱਸਿਆ ’ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਮੁਸ਼ਕਲ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ।

ਪਿੰਡ ਵਿੱਚ ਨਸ਼ਿਆਂ ਅਤੇ ਚੋਰੀਆਂ ਨੂੰ ਲੈ ਕੇ ਲੋਕਾਂ ਵਿੱਚ ਰੋਸ

ਇਸ ਘਟਨਾ ਨੇ ਪਿੰਡ ਵਿੱਚ ਨਸ਼ਿਆਂ ਦੀ ਕਥਿਤ ਵਿਕਰੀ ਅਤੇ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਸਥਾਨਕ ਲੋਕਾਂ ਦੀ ਚਿੰਤਾ ਨੂੰ ਸਾਹਮਣੇ ਲਿਆਂਦਾ ਹੈ। ਨੌਜਵਾਨਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨ੍ਹਾਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਮੰਗ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸਬੰਧਤ ਪ੍ਰਸ਼ਾਸਨ ਵੱਲੋਂ ਇਨ੍ਹਾਂ ਸ਼ਿਕਾਇਤਾਂ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।

Related Post