MP Kangana Ranaut Peshi : BJP ਸਾਂਸਦ ਕੰਗਨਾ ਰਣੌਤ ਦੀ ਬਠਿੰਡਾ ਪੇਸ਼ੀ ਅੱਜ, ਪੇਸ਼ ਨਾ ਹੋਣ ਤੇ ਜਾਰੀ ਹੋ ਸਕਦੇ ਹਨ ਗ੍ਰਿਫ਼ਤਾਰੀ ਵਾਰੰਟ
Kangana Ranaut Peshi : ਬੇਬੇ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਮਾਮਲੇ 'ਚ ਭਾਜਪਾ ਸਾਂਸਦ ਨੂੰ ਅੱਜ ਨਿੱਜੀ ਤੌਰ 'ਤੇ ਪੇਸ਼ ਹੋਣਾ ਹੈ ਅਤੇ ਜੇਕਰ ਉਹ ਪੇਸ਼ ਨਹੀਂ ਹੁੰਦੀ ਤਾਂ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਸਕਦੇ ਹਨ।
MP Kangana Ranaut Peshi : ਕਿਸਾਨ ਅੰਦੋਲਨ ਦੌਰਾਨ ਟਿੱਪਣੀ ਨੂੰ ਲੈ ਕੇ ਵਿਵਾਦਾਂ 'ਚ ਘਿਰੀ BJP ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਹੈ। ਬੇਬੇ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਮਾਮਲੇ 'ਚ ਭਾਜਪਾ ਸਾਂਸਦ ਨੂੰ ਅੱਜ ਨਿੱਜੀ ਤੌਰ 'ਤੇ ਪੇਸ਼ ਹੋਣਾ ਹੈ ਅਤੇ ਜੇਕਰ ਉਹ ਪੇਸ਼ ਨਹੀਂ ਹੁੰਦੀ ਤਾਂ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਾਖਲ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਅਰਜ਼ੀ ਰੱਦ ਕਰਦੇ ਹੋਏ ਕੰਗਨਾ ਰਣੌਤ ਨੂੰ ਅੱਜ 15 ਜਨਵਰੀ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।
ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਔਰਤਾਂ 'ਤੇ ਦਿੱਤਾ ਸੀ ਵਿਵਾਦਤ ਬਿਆਨ
ਕੰਗਨਾ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਟਵੀਟ ਕੀਤਾ, ਜਿਸ ਵਿੱਚ ਲਿਖਿਆ ਕਿ ਔਰਤਾਂ 100 ਰੁਪਏ (Kangana 100 rupees row) ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੁੰਦੀਆਂ ਹਨ। ਉਸਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਇੱਕ ਪੋਸਟ 'ਤੇ ਵੀ ਟਿੱਪਣੀ ਕੀਤੀ, ਜਿਸ ਵਿੱਚ ਇੱਕ ਬਜ਼ੁਰਗ ਔਰਤ ਦੀ ਫੋਟੋ ਸੀ। ਅਦਾਕਾਰਾ ਨੇ ਲਿਖਿਆ, "ਹਾਹਾਹਾ, ਇਹ ਉਹੀ ਦਾਦੀ ਹੈ ਜਿਸਨੂੰ ਟਾਈਮ ਮੈਗਜ਼ੀਨ ਵਿੱਚ ਭਾਰਤ ਦੀਆਂ ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿੱਚੋਂ ਇੱਕ ਵਜੋਂ ਪ੍ਰਦਰਸ਼ਿਤ ਕੀਤਾ ਗਿਆ ਸੀ। ਉਹ 100 ਰੁਪਏ ਵਿੱਚ ਉਪਲਬਧ ਹੈ।"
ਬੇਬੇ ਮਹਿੰਦਰ ਕੌਰ ਨੇ ਦਾਇਰ ਕੀਤਾ ਸੀ ਕੇਸ
ਬਠਿੰਡਾ ਦੇ ਪਿੰਡ ਬਹਾਦਰਗੜ੍ਹ ਦੀ ਵਸਨੀਕ ਮਹਿੰਦਰ ਕੌਰ (81) ਨੇ ਕੰਗਨਾ ਦੇ ਟਵੀਟ ਤੋਂ ਬਾਅਦ 4 ਜਨਵਰੀ, 2021 ਨੂੰ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਦੀ ਇੱਕ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤੇ ਅਤੇ ਉਸਨੂੰ ਪੇਸ਼ ਹੋਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਾਹਤ ਲਈ ਪਟੀਸ਼ਨ ਦਾਇਰ ਕੀਤੀ, ਜਿਸਨੂੰ ਰੱਦ ਕਰ ਦਿੱਤਾ ਗਿਆ। ਫਿਰ ਉਸਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿੱਥੇ ਉਸਨੂੰ ਵੀ ਕੋਈ ਰਾਹਤ ਨਹੀਂ ਮਿਲੀ ਸੀ।