Amritsar News : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar News : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ

By  Shanker Badra December 26th 2025 04:33 PM

Amritsar News : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। 

ਇਸ ਮੌਕੇ ਗੱਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਖੰਡੇ ਬਾਟੇ ਦੀ ਦਾਤ ਪ੍ਰਾਪਤ ਕਰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਜੱਸੀ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਬਲਵਿੰਦਰ ਸਿੰਘ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਅੰਮ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Related Post