ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

By  Amritpal Singh January 16th 2024 02:58 PM

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। 


ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।


ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 


ਭਲਕੇ ਸਜਾਏ ਜਾਣਗੇ ਜਲੌ


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਭਲਕੇ 17 ਜਨਵਰੀ ਨੂੰ ਜਲੌ ਸਜਾਏ ਜਾਣਗੇ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਰਾਗੀ, ਢਾਡੀ ਜਥੇ ਹਾਜ਼ਰੀ ਭਰਨਗੇ ਅਤੇ ਕਵੀ ਦਰਬਾਰ ਵੀ ਹੋਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।

Related Post