PTC News
Search

ਬਾਬਾ ਲੱਖਾ ਸਿੰਘ ਨਾਨਕਸਰ ਜਗਰਾਉਂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ।

By  Amritpal Singh October 3rd 2026 10:06 AM

ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ” ਨੂੰ ਨਿੱਜੀ ਰੂਪ ਵਿੱਚ ਮਿਲਣ ਦੇ ਮਾਮਲੇ ਵਿੱਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੇ ਆਪਣਾ ਪੱਖ ਤੇ ਸਪਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ। 

ਆਪਣੇ ਸਪਸ਼ਟੀਕਰਨ ਵਿੱਚ ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਸਬੰਧੀ ਕਾਰਜ ਸਨ, ਜਿਨ੍ਹਾਂ ਨੂੰ ਕਰਨ ਬਾਰੇ ਸਰਕਾਰੀ ਅਫ਼ਸਰਾਂ ਨੇ ਅਸਮਰੱਥਾ ਦਰਸਾਉਂਦਿਆਂ ਮੁੱਖ ਮੰਤਰੀ ਪਾਸੋਂ ਆਦੇਸ਼ ਕਰਵਾਉਣ ਬਾਰੇ ਕਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਪਿਆ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਝੁਕਾਉਂਦੇ ਹੋਏ ਸਿਰ ਮੱਥੇ ਮੰਨਦੇ ਹਨ।

ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੀ ਸ਼ਲਾਘਾ ਨਹੀਂ ਕੀਤੀ। ਇਸ ਸਬੰਧੀ ਜੋ ਖ਼ਬਰਾਂ ਮੀਡੀਆ ਵਿੱਚ ਛਪੀਆਂ ਹਨ ਉਨ੍ਹਾਂ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਇਹ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਹੀ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਤੇ ਖਿਮਾ ਜਾਚਨਾ ਸਿੰਘ ਸਾਹਿਬ ਵੱਲੋਂ ਪ੍ਰਾਪਤ ਕਰ ਲਿਆ ਗਿਆ ਹੈ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।

Related Post