ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੇ ਰਾਜਪਾਲ ਨੇ ਡੀ.ਜੀ.ਪੀ. ਤੋਂ ਮੰਗਿਆ ਜਵਾਬ

By  Jasmeet Singh October 2nd 2023 12:43 PM -- Updated: October 2nd 2023 12:46 PM
ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੇ ਰਾਜਪਾਲ ਨੇ ਡੀ.ਜੀ.ਪੀ. ਤੋਂ ਮੰਗਿਆ ਜਵਾਬ

ਚੰਡੀਗੜ੍ਹ: 2015 ਦੇ ਐਨ.ਡੀ.ਪੀ.ਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕੀਤਾ ਸੀ। 

ਗ੍ਰਿਫ਼ਤਾਰੀ ਤੋਂ ਬਾਅਦ MLA Sukhpal Singh ਦਾ ਪਹਿਲਾ ਬਿਆਨ

ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਸੀ।

ਕਾਂਗਰਸ ਦੀ ਤਰਫੋਂ ਰਾਜਪਾਲ ਨੂੰ ਦੱਸਿਆ ਗਿਆ ਕਿ ਖਹਿਰਾ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗਲਤ ਤਰੀਕੇ ਨਾਲ ਗ੍ਰਿਫਤਾਰ ਕੀਤਾ ਹੈ ਅਤੇ ਸੁਪਰੀਮ ਕੋਰਟ ਨੇ ਵੀ ਖਹਿਰਾ ਨੂੰ ਪੁਰਾਣੇ ਮਾਮਲੇ ਵਿੱਚ ਰਾਹਤ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਸ ਸਬੰਧੀ ਰਾਜਪਾਲ ਨੇ ਹੁਣ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਐਸ.ਆਈ.ਟੀ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਸਟੇਟਸ ਰਿਪੋਰਟ ਸਮੇਤ ਮਾਮਲੇ ਦੀ ਪੂਰੀ ਜਾਣਕਾਰੀ ਦੇਣ ਲਈ ਕਿਹਾ ਹੈ। 


ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰਕੇ ਪੰਜਾਬ ਪੁਲਿਸ ਦੀ ਟੀਮ ਜਲਾਲਾਬਾਦ ਲੈ ਗਈ ਸੀ, ਉੱਥੇ ਅਦਾਲਤ 'ਚ ਪੇਸ਼ ਕਰ ਕੇ ਖਹਿਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਲਿਆ ਗਿਆ। ਸ਼ਨਿੱਚਰਵਾਰ ਨੂੰ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਭੇਜ ਦਿੱਤਾ ਹੈ। 


ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਕਰੀਬ ਡੇਢ ਘੰਟਾ ਰਹਿਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ।

Related Post