Amritsar News : ਜੰਝ ਘਰ ਚ ਤਾਬੜਤੋੜ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ, 1 ਜ਼ਖ਼ਮੀ
Firing in Village Ballkalan : ਗੋਲੀਕਾਂਡ ਦੌਰਾਨ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
Amritsar News : ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਆਏ ਦਿਨ ਹੀ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਲਕਲਾਂ (Firing in Village Ballkalan) ਤੋਂ ਇੱਕ ਵੱਡੀ ਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਜੰਝ ਘਰ ਦੇ ਅੰਦਰ ਅਚਾਨਕ ਗੋਲੀਬਾਰੀ ਹੋ ਗਈ। ਇਸ ਗੋਲੀਕਾਂਡ ਦੌਰਾਨ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (ਉਮਰ ਕਰੀਬ 22 ਸਾਲ) ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ, ਇਹ ਘਟਨਾ ਸ਼ਾਮ ਕਰੀਬ ਪੰਜ ਕੁ ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਘਬਰਾਹਟ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅਤੇ ਦੂਜਾ ਨੌਜਵਾਨ ਆਪਣੇ ਯਾਰ-ਦੋਸਤਾਂ ਨਾਲ ਜੰਜ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਅਚਾਨਕ ਗੱਲਬਾਤ ਦੌਰਾਨ ਤਕਰਾਰ ਹੋ ਗਈ, ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਸ ਨੇ ਦੱਸਿਆ ਕਿ ਦੋ ਤੋਂ ਤਿੰਨ ਵਾਰੀ ਫਾਇਰ ਹੋਏ, ਜਿਨ੍ਹਾਂ ‘ਚ ਇੱਕ ਗੋਲੀ ਉਸਦੀ ਲੱਤ ‘ਚ ਲੱਗੀ, ਜਦਕਿ ਸਿਮਰਨਜੀਤ ਸਿੰਘ ਨੂੰ ਛਾਤੀ ‘ਚ ਗੋਲੀ ਲੱਗੀ ਜੋ ਘਾਤਕ ਸਾਬਤ ਹੋਈ। ਜ਼ਖ਼ਮੀ ਨੌਜਵਾਨ ਨੇ ਇਹ ਵੀ ਦੱਸਿਆ ਕਿ ਇਸ ਤੋਂ ਕੁਝ ਦਿਨ ਪਹਿਲਾਂ ਫ਼ੋਨ ‘ਤੇ ਆਪਸੀ ਤਕਰਾਰ ਹੋਈ ਸੀ, ਪਰ ਕੋਈ ਵੱਡੀ ਰੰਜਿਸ਼ ਨਹੀਂ ਸੀ। ਮਾਮਲਾ ਅਚਾਨਕ ਭੜਕਿਆ ਅਤੇ ਖੂਨੀ ਰੂਪ ਧਾਰ ਗਿਆ।
ਉੱਧਰ, ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਜੰਝ ਘਰ ਦੇ ਕੋਲ ਵਾਪਰੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੰਜ-ਛੇ ਦਿਨ ਪਹਿਲਾਂ ਦੋਨਾਂ ਧਿਰਾਂ ਵਿਚਕਾਰ ਮਾਮੂਲੀ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਇਹ ਗੋਲੀਬਾਰੀ ਹੋਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮਾਮਲੇ ‘ਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪਿੰਡ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।