ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੱਕ: ਐਡਵੋਕੇਟ ਧਾਮੀ

By  Pardeep Singh November 20th 2022 02:55 PM

ਅੰਮ੍ਰਿਤਸਰ: ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ  ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜੋਈ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ 'ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੇ ਅਣਦੇਖੀ ਕਰਕੇ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੀ ਤਰਜਮਾਨੀ ਕਰਨ ਦੀ ਥਾਂ ਵਿਰੋਧ ਵਿਚ ਭੁਗਤ ਰਹੇ ਹਨ। ਕੁਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿੱਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜੋਰ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸ਼ਾਜਿਸੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ਵਿਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ। ਕੇਂਦਰ ਵਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜਮੀਨ ਦੀ ਵਰਤੋਂ ਕਰੇ ਅਤੇ ਮੌਜੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ ਤੇ ਹਾਮੀ ਨਾ ਭਰਨ।

Related Post