ਨਹਿਰ 'ਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ, ਸਿੱਖ ਜਥੇਬੰਦੀਆਂ 'ਚ ਭਾਰੀ ਰੋਸ

By  Ravinder Singh November 22nd 2022 04:07 PM

ਲੁਧਿਆਣਾ : ਲੁਧਿਆਣਾ ਦੇ ਦੁੱਗਰੀ ਇਲਾਕੇ ਵਿਚ ਸੁੱਕੀ ਨਹਿਰ ਵਿਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ 'ਚ ਸਥਿਤੀ ਤਣਾਅਪੂਰਨ ਬਣ ਗਈ। ਸਿੱਖ ਜਥੇਬੰਦੀਆਂ ਵੱਲੋਂ ਨਹਿਰ 'ਚ ਪਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਸਬੰਧੀ ਜੋ ਵੀ ਦੋਸ਼ੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਘਟਨਾ ਸਥਾਨ ਉਪਰ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਆਪਸੀ ਮਾਹੌਲ ਖ਼ਰਾਬ ਕਰਨ ਲਈ ਅਜਿਹਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਨਹਿਰ ਵਿੱਚ ਖਿੱਲਰੇ ਹੋਏ ਦੇਖੇ ਗਏ ਹਨ। ਇਲਾਕਾ ਵਾਸੀਆਂ ਨੇ ਇਸ ਮਗਰੋਂ ਜਥੇਬੰਦੀਆਂ ਦੇ ਆਗੂਆਂ ਨੂੰ ਸੂਚਿਤ ਕੀਤਾ ਤੇ ਅੰਗਾਂ ਨੂੰ ਇਕੱਠਾ ਕੀਤਾ ਗਿਆ। ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜ ਕੇ ਸਜ਼ਾ ਦਿੱਤੀ ਜਾਵੇ ਤਾਂ ਕਿ ਆਪਸੀ ਸਾਂਝ ਨੂੰ ਖ਼ਰਾਬ ਨਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਡਿਪੂ ਦਾ ਲਾਇਸੰਸ ਮੁਅੱਤਲ ਕਰਨ 'ਤੇ HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਓਧਰ ਮੌਕੇ ਉਤੇ ਪਹੁੰਚੇ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਹਨ ਤੇ ਅੰਗਾਂ ਨਾਲ ਕਿਸੇ ਪ੍ਰਕਾਰ ਦੀ ਛੇੜਛਾੜ ਨਹੀਂ ਹੋਈ ਹੈ। ਇਸ ਸਬੰਧੀ ਜਾਂਚ ਜਾਰੀ ਹੈ।

Related Post