ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਚ ਮਹੱਤਵਪੂਰਨ ਫੈਸਲੇ, ਹਰ ਸਿੱਖ ਨੂੰ ਇੱਕ ਪੌਦਾ ਲਾਉਣ ਦਾ ਹੁਕਮ

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ।

By  KRISHAN KUMAR SHARMA July 15th 2024 04:20 PM -- Updated: July 15th 2024 04:21 PM

ਅੰਮ੍ਰਿਤਸਰ : ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ, ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ।

1. ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

2. ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

3. ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ।

4. ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ 'ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Related Post