Panjab University : ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਤੇ ਵਿਦਿਆਰਥੀਆਂ ਵਿਚਾਲੇ ਮੀਟਿੰਗ ਬੇਸਿੱਟਾ, ਜਦੋਂ ਤੱਕ ਨੋਟੀਫਿਕੇਸ਼ਨ ਨਹੀਂ ਜਾਰੀ ਰਹੇਗਾ ਮੋਰਚਾ

Panjab University : ਪੀਯੂ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਚੋਣ ਸ਼ਡਿਊਲ ਤਿਆਰ ਕਰ ਲਿਆ ਹੈ ਅਤੇ ਇਸਨੂੰ ਉਪ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ, ਅਤੇ ਚੋਣ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

By  KRISHAN KUMAR SHARMA November 12th 2025 03:42 PM -- Updated: November 12th 2025 04:07 PM

Panjab University Chandigarh News : ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਹੱਲ ਕਰਨ ਦੇ ਯਤਨ ਵਜੋਂ, ਅੱਜ ਅਧਿਕਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਇੱਕ ਮੀਟਿੰਗ ਹੋਈ। ਵਾਈਸ ਚਾਂਸਲਰ ਪ੍ਰੋਫੈਸਰ ਰੇਣੂ ਵਿਜ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਵਿਦਿਆਰਥੀਆਂ ਨੇ ਦੱਸਿਆ ਕਿ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਹੋਈ, ਪਰ ਇਸ ਦਾ ਕੁਝ ਵੀ ਨਤੀਜਾ ਨਹੀਂ ਨਿਕਲਿਆ। ਪੀਯੂ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਚੋਣ ਸ਼ਡਿਊਲ ਤਿਆਰ ਕਰ ਲਿਆ ਹੈ ਅਤੇ ਇਸਨੂੰ ਉਪ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ, ਅਤੇ ਚੋਣ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ। ਕੇਂਦਰ ਸਰਕਾਰ ਦੇ ਦੋ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਨ) ਦੇ ਮੁਖੀ ਜੋਗਿੰਦਰ ਸਿੰਘ ਉਗਰਾਹਨ ਅੱਜ ਆਪਣੇ ਵਫ਼ਦ ਨਾਲ ਯੂਨੀਵਰਸਿਟੀ ਪਹੁੰਚੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਕੇਂਦਰੀਕਰਨ ਗਲਤ ਹੈ। ਯੂਨੀਵਰਸਿਟੀ ਪੰਜਾਬ ਦੀ ਹੈ ਅਤੇ ਇਸਦੇ ਵਿਦਿਆਰਥੀ ਕਿਫਾਇਤੀ ਸਿੱਖਿਆ ਪ੍ਰਾਪਤ ਕਰਦੇ ਹਨ।

'ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ' ਵੱਲੋਂ ਲਿਖਤੀ ਭਰੋਸੇ ਦੀ ਮੰਗ

ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਿਆਂ ਲਈ ਹਲਫ਼ਨਾਮਾ ਜਮ੍ਹਾ ਕਰਵਾਉਣ ਦੀ ਸ਼ਰਤ ਲਗਾਈ ਸੀ, ਜਿਸ ਕਾਰਨ ਵਿਦਿਆਰਥੀਆਂ ਦਾ ਵਿਰੋਧ ਹੋਇਆ। ਹਾਲਾਂਕਿ, ਕੇਂਦਰ ਸਰਕਾਰ ਨੇ ਬਾਅਦ ਵਿੱਚ 28 ਅਕਤੂਬਰ ਨੂੰ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ।

ਪੀਯੂ ਵੱਲੋ਼ ਹਲਫ਼ਨਾਮਾ ਵਾਪਸ ਲੈ ਲਿਆ ਗਿਆ ਸੀ, ਪਰ ਸੈਨੇਟ-ਸਿੰਡੀਕੇਟ ਨੋਟੀਫਿਕੇਸ਼ਨ ਵਾਪਸ ਲੈਣ ਲਈ ਸੰਘਰਸ਼ ਜਾਰੀ ਰਿਹਾ। ਹੁਣ ਜਦੋਂ ਕੇਂਦਰ ਸਰਕਾਰ ਨੇ ਸੈਨੇਟ-ਸਿੰਡੀਕੇਟ ਨੂੰ ਰੱਦ ਕਰਨ ਵਾਲਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ, ਤਾਂ ਵਿਦਿਆਰਥੀ ਸੈਨੇਟ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਸੈਨੇਟ ਸਿੰਡੀਕੇਟ ਨੂੰ ਰੱਦ ਕਰਨ ਦੇ ਆਪਣੇ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਤੋਂ ਬਾਅਦ, ਵਾਈਸ ਚਾਂਸਲਰ ਨੇ ਸ਼ਨੀਵਾਰ, 8 ਨਵੰਬਰ, 2025 ਨੂੰ ਸਾਂਝਾ ਕੀਤਾ ਕਿ ਉਨ੍ਹਾਂ ਨੇ ਸੈਨੇਟ ਚੋਣਾਂ ਕਰਵਾਉਣ ਲਈ ਉਪ ਰਾਸ਼ਟਰਪਤੀ ਨੂੰ ਇੱਕ ਪ੍ਰਸਤਾਵ ਭੇਜਿਆ ਹੈ ਅਤੇ ਇਸ ਨੂੰ ਮਨਜ਼ੂਰੀ ਮਿਲਦੇ ਹੀ ਚੋਣ ਦੀ ਮਿਤੀ ਦਾ ਐਲਾਨ ਕਰ ਦੇਣਗੇ। ਪਰ ਵਿਦਿਆਰਥੀ ਇਸ ਗੱਲ 'ਤੇ ਅੜੇ ਹਨ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਤਾਰੀਖ ਦਾ ਐਲਾਨ ਨਹੀਂ ਹੋ ਜਾਂਦਾ।

Related Post