PTC News
Search
🔍 Search

ਪੰਜਾਬ ਨੂੰ ਲੁੱਟਣ ਆਈ ਸੀ ਕੇਜਰੀਵਾਲ, ਸਿਸੋਦੀਆ ਤੇ ਜੈਨ ਦੀ ਕੰਪਨੀ : ਪਰਗਟ ਸਿੰਘ

ਪੌਣੇ 5 ਸਾਲ ਚੁੱਪ ਰਹਿਣ ਵਾਲਿਆਂ ਨੂੰ ਹੁਣ ਯਾਦ ਆ ਰਹੇ ਨੇ ਪੰਜਾਬ ਦੇ ਮੁੱਦੇ, ਲੈਂਡ ਪੂਲਿੰਗ ਨੀਤੀ ਰੱਦ ਹੋਣ ਨਾਲ ਡੇਢ ਲੱਖ ਕਰੋੜ ਰੁਪਏ ਬਚੇ : ਪ੍ਰਤਾਪ ਸਿੰਘ ਬਾਜਵਾ

By  Jaswinder Kaur November 2nd 2026 06:10 PM

Pargat Singh has raised sharp questions surrounding the Aam Aadmi Party :  ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਪਾਰਟੀ ਦੇ ਆਗੂਆਂ ਨੂੰ ਘੇਰਦਿਆਂ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅੱਜ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੜਕਾਂ ’ਤੇ ਉਤਰ ਰਹੇ ਹਨ, ਉਹ ਪਿਛਲੇ ਪੌਣੇ 5 ਸਾਲਾਂ ਤੋਂ ਚੁੱਪ ਕਿਉਂ ਬੈਠੇ ਰਹੇ? ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਮੁੱਦਿਆਂ ’ਤੇ ਆਵਾਜ਼ ਚੁੱਕਣ ਲਈ ਕਹਿੰਦੇ ਰਹੇ, ਪਰ ਉਸ ਸਮੇਂ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਆਪਣੇ ਆਪ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਵਾਰਸ ਦੱਸਦੇ ਰਹੇ ਅਤੇ ਕੇਸਰੀ ਪੱਗਾਂ ਬੰਨ੍ਹ ਕੇ ਪੰਜਾਬ ਦੀ ਸੇਵਾ ਕਰਨ ਦੇ ਦਾਅਵੇ ਕਰਦੇ ਰਹੇ। ਪਰ ਦੂਜੇ ਪਾਸੇ ਪੰਜਾਬ ਦੇ ਸਰੋਤਾਂ ਅਤੇ ਜ਼ਮੀਨਾਂ ਸਬੰਧੀ ਅਜਿਹੇ ਫ਼ੈਸਲੇ ਲਏ ਜਾਂਦੇ ਰਹੇ, ਜਿਨ੍ਹਾਂ ਨਾਲ ਸੂਬੇ ਦਾ ਵੱਡਾ ਨੁਕਸਾਨ ਹੋ ਸਕਦਾ ਸੀ।

ਇਹ ਵੀ ਪੜ੍ਹੋ : 

https://www.ptcnews.tv/news-in-punjabi/central-agencies-raid-former-congress-minister-sham-sundar-aroras-hoshiarpur-residence-4431234

ਬਾਜਵਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀ ਕੰਪਨੀ ਪੰਜਾਬ ਨੂੰ ਲੁੱਟਣ ਦੇ ਮਕਸਦ ਨਾਲ ਆਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਰਾਹੀਂ ਪੰਜਾਬ ਵਿੱਚੋਂ 50 ਹਜ਼ਾਰ ਕਰੋੜ ਰੁਪਏ ਕੱਢਣ ਦੀ ਯੋਜਨਾ ਸੀ। ਉਨ੍ਹਾਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੇ ਫ਼ੈਸਲੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਗਰੇਵਾਲ ਦਾ ਧੰਨਵਾਦ ਕੀਤਾ। ਬਾਜਵਾ ਨੇ ਦਾਅਵਾ ਕੀਤਾ ਕਿ ਜੇਕਰ 65 ਏਕੜ ਜ਼ਮੀਨ ਇਸ ਨੀਤੀ ਤਹਿਤ ਆ ਜਾਂਦੀ ਤਾਂ ਪੰਜਾਬ ਨੂੰ ਡੇਢ ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਰੱਦ ਹੋਣ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ ਹੈ।

ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਚੁੱਕੇ ਸਵਾਲ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਭੂਮਿਕਾ ਨੂੰ ਲੈ ਕੇ ਗੰਭੀਰ ਸਵਾਲ ਉੱਠ ਰਹੇ ਹਨ ਅਤੇ ਪੁਲਿਸ ਨੂੰ ਆਪਣੀ ਸੁਤੰਤਰ ਕਾਰਜਪ੍ਰਣਾਲੀ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਦੀ ਵਰਤੋਂ ਸਿਆਸੀ ਮਕਸਦਾਂ ਲਈ ਕੀਤੀ ਜਾ ਰਹੀ ਹੈ।

ਬੇਅਦਬੀ ਅਤੇ ਬਰਗਾੜੀ-ਬਹਿਬਲ ਕਲਾਂ ਮਾਮਲਿਆਂ ’ਚ ਇਨਸਾਫ਼ ਕਿੱਥੇ?

ਬਾਜਵਾ ਨੇ ਬੇਅਦਬੀ ਅਤੇ ਬਰਗਾੜੀ-ਬਹਿਬਲ ਕਲਾਂ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਵਾਅਦੇ ਕੀਤੇ ਸਨ, ਪਰ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਕੀ ਕਾਰਵਾਈ ਹੋਈ ਹੈ? ਲੋਕਾਂ ਨੂੰ ਇਨਸਾਫ਼ ਕਦੋਂ ਮਿਲੇਗਾ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਸਬੰਧੀ ਕੀਤੇ ਵਾਅਦਿਆਂ ਦਾ ਜਵਾਬ ਦੇਣਾ ਚਾਹੀਦਾ ਹੈ।

ਅੰਤ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵੀ ਉਨ੍ਹਾਂ ਨੇ ਕੁਝ ਆਗੂਆਂ ਨੂੰ ਇਸ ਸਿਆਸੀ ਰਸਤੇ ਬਾਰੇ ਸੁਚੇਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਆਸੀ ਦਾਅਵਿਆਂ ਦੀ ਬਜਾਏ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਹਿਸਾਬ ਮੰਗਣਾ ਚਾਹੀਦਾ ਹੈ।

Related Post