Parkash Purab Guru Nanak Dev Ji: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

By  Amritpal Singh November 27th 2023 06:15 PM -- Updated: November 27th 2023 08:38 PM

Guru Nanak Dev Ji: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਨ ਪਹੁੰਚੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ।  ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।




ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ।  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ ਜਿਸ ਵਿਚ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਲਜਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।

Related Post