YUDH NASHIAN VIRUDH : ਨਸ਼ਿਆਂ ਦੇ ਖ਼ਾਤਮੇ ਲਈ ਨਵੀਆਂ ਸਮਾਂ ਹੱਦਾਂ ਤੈਅ ਕਰਨੀਆਂ ਛੱਡੋ ਤੇ ਕੰਮ ਕਰੋ; ਬਾਜਵਾ ਦੀ CM ਮਾਨ ਨੂੰ ਦੋ ਟੁਕ

Partap Bajwa on CM Mann : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਨੂੰ ਸਮਾਂ ਸੀਮਾ ਦੀ ਖੇਡ ਨਾ ਖੇਡਣ ਦੀ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਇਮਾਨਦਾਰੀ ਨਾਲ ਕੰਮ ਕਰਨਾ ਸ਼ੁਰੂ ਕਰਨ ਲਈ ਕਿਹਾ।

By  KRISHAN KUMAR SHARMA March 1st 2025 07:17 PM -- Updated: March 1st 2025 07:18 PM
YUDH NASHIAN VIRUDH : ਨਸ਼ਿਆਂ ਦੇ ਖ਼ਾਤਮੇ ਲਈ ਨਵੀਆਂ ਸਮਾਂ ਹੱਦਾਂ ਤੈਅ ਕਰਨੀਆਂ ਛੱਡੋ ਤੇ ਕੰਮ ਕਰੋ; ਬਾਜਵਾ ਦੀ CM ਮਾਨ ਨੂੰ ਦੋ ਟੁਕ

Partap Singh Bajwa on Punjab Police Drug Campaign : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇੱਕ ਹੋਰ ਸਮਾਂ ਸੀਮਾ ਨਿਰਧਾਰਿਤ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਨੂੰ ਸਮਾਂ ਸੀਮਾ ਦੀ ਖੇਡ ਨਾ ਖੇਡਣ ਦੀ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਇਮਾਨਦਾਰੀ ਨਾਲ ਕੰਮ ਕਰਨਾ ਸ਼ੁਰੂ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਇਹ ਬਹੁਤ ਬੇਤੁਕਾ ਜਾਪਦਾ ਹੈ ਕਿ ਮੁੱਖ ਮੰਤਰੀ ਮਾਨ ਨੇ ਇੱਕ ਵਾਰ ਫਿਰ ਸੂਬੇ ਵਿਚ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਹੈ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਨੌਕਰਸ਼ਾਹਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪ੍ਰਭਾਵਸ਼ਾਲੀ ਨੀਤੀ ਸ਼ੁਰੂ ਕਰਨ ਲਈ ਸਮਾਂ ਸੀਮਾ ਨਿਰਧਾਰਿਤ ਕੀਤੀ ਹੈ। ਕੀ ਉਹ ਪੰਜਾਬੀਆਂ ਨੂੰ ਇਹ ਦੱਸਣ ਦੀ ਖੇਚਲ ਕਰਨਗੇ ਕਿ ਉਨ੍ਹਾਂ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਜੋ ਸਮਾਂ ਸੀਮਾ ਤੈਅ ਕੀਤੀ ਸੀ, ਉਸ ਦਾ ਕੀ ਹੋਇਆ? 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ 'ਆਪ' ਦੇ ਹੋਰ ਆਗੂਆਂ ਦੇ ਚਿਹਰੇ 'ਤੇ ਚਿੰਤਾ ਦੇ ਸੰਕੇਤ ਸਪਸ਼ਟ ਹਨ। ਦਿੱਲੀ 'ਚ 'ਆਪ' ਦੀ ਹਾਰ ਤੋਂ ਬਾਅਦ 'ਆਪ' ਪੰਜਾਬ ਸਰਕਾਰ ਪੰਜਾਬ 'ਚ ਆਪਣੇ ਭਵਿੱਖ ਨੂੰ ਲੈ ਕੇ ਗੰਭੀਰ ਰੂਪ ਨਾਲ ਚਿੰਤਤ ਹੈ। ਇਹ ਪਿਛਲੇ ਤਿੰਨ ਸਾਲਾਂ ਵਿੱਚ ਪ੍ਰਦਰਸ਼ਨ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਅਤੇ ਹੁਣ ਇਹ ਜਲਦਬਾਜ਼ੀ ਵਿੱਚ ਸਭ ਕੁਝ ਕਰਨ ਦਾ ਇਰਾਦਾ ਰੱਖਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਸਪਸ਼ਟ ਹੋ ਗਿਆ ਹੈ ਕਿ 'ਆਪ' ਸਰਕਾਰ ਕੋਲ ਪੰਜਾਬ 'ਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੋਈ ਰੋਡਮੈਪ ਨਹੀਂ ਸੀ। ਉਹ ਇੰਨੇ ਸਾਲਾਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੇ ਹਨ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ। 

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਹਰੇਕ ਮਾਮਲੇ ਵਿੱਚ ਮੁੱਖ ਮੰਤਰੀ ਰਾਹਤ ਫ਼ੰਡ ਵਿੱਚੋਂ ਰਾਹਤ ਦੇਣ ਲਈ ਵੀ ਕਿਹਾ। ਬਾਜਵਾ ਨੇ ਕਿਹਾ ਕਿ ਮੈਂ ਪੁਰਜ਼ੋਰ ਮੰਗ ਕਰਦਾ ਹਾਂ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਨਸ਼ਿਆਂ ਦੀ ਓਵਰਡੋਜ਼ ਨਾਲ ਮਰਨ ਵਾਲਿਆਂ ਦੇ ਸਾਰੇ ਪਰਿਵਾਰਾਂ ਨੂੰ ਰਾਹਤ ਜਾਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। 

ਬਾਜਵਾ ਨੇ ਕਿਹਾ ਕਿ ਜ਼ਿਕਰਯੋਗ ਹੈ ਕਿ 2022 'ਚ ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸੁਪਰੀਮੋ ਕੇਜਰੀਵਾਲ ਨੇ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 2024 ਦੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਦਾਅਵਾ ਕੀਤਾ ਸੀ ਕਿ 2024 ਦੇ ਅੰਤ ਤੱਕ ਸੂਬੇ ਦੀ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਹਾਲਾਂਕਿ, ਇਹ ਸਾਰੇ ਵਾਅਦੇ ਅਤੇ ਦਾਅਵੇ ਹੁਣ ਤੱਕ ਖੋਖਲੇ ਸਾਬਤ ਹੋਏ ਹਨ।

Related Post