Pharmacy Paper Leak ਮਾਮਲਾ ; ਹਾਈਕੋਰਟ ਨੇ ਨੋਟਿਸ ਦਾ ਜਵਾਬ ਨਾ ਦੇਣ ਤੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਗੰਭੀਰਤਾ ਨਹੀਂ...
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇੰਨੇ ਮਹੱਤਵਪੂਰਨ ਮਾਮਲੇ ਵਿੱਚ ਹਾਈ ਕੋਰਟ ਦੇ ਨੋਟਿਸ ਦੇ ਬਾਵਜੂਦ ਜਵਾਬ ਦਾਇਰ ਨਾ ਕਰਨਾ ਇਸ ਮਾਮਲੇ ਵਿੱਚ ਸਰਕਾਰ ਦੀ ਗੰਭੀਰਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ।
ਫਾਰਮੇਸੀ ਪੇਪਰ ਲੀਕ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਨੇ ਫਾਰਮੇਸੀ ਪੇਪਰ ਲੀਕ ਮਾਮਲੇ ਵਿੱਚ ਆਪਣੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇੰਨੇ ਮਹੱਤਵਪੂਰਨ ਮਾਮਲੇ ਵਿੱਚ ਹਾਈ ਕੋਰਟ ਦੇ ਨੋਟਿਸ ਦੇ ਬਾਵਜੂਦ ਜਵਾਬ ਦਾਇਰ ਨਾ ਕਰਨਾ ਇਸ ਮਾਮਲੇ ਵਿੱਚ ਸਰਕਾਰ ਦੀ ਗੰਭੀਰਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ। ਹਾਈ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਸਰਕਾਰਾਂ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੀਆਂ ਹਨ, ਤਾਂ ਲੋਕ ਅਦਾਲਤ ਵਿੱਚ ਆਉਣ ਲਈ ਮਜਬੂਰ ਹੁੰਦੇ ਹਨ, ਅਤੇ ਇੱਥੇ ਵੀ, ਕਾਰਵਾਈ ਕਰਨ ਦੀ ਬਜਾਏ, ਸਰਕਾਰ ਸਮਾਂ ਮੰਗ ਰਹੀ ਹੈ। ਹਾਈ ਕੋਰਟ ਨੇ ਸਰਕਾਰ ਅਤੇ ਯੂਨੀਵਰਸਿਟੀ ਨੂੰ ਸਮਾਂ ਦਿੰਦੇ ਹੋਏ ਸਤੰਬਰ ਦੇ ਦੂਜੇ ਹਫ਼ਤੇ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ।
ਪਟੀਸ਼ਨ ਕੀਤੀ ਗਈ ਸੀ ਦਾਇਰ
ਦੱਸਣਯੋਗ ਹੈ ਕਿ ਚਾਰ ਬਿਨੈਕਾਰਾਂ ਨੇ ਲਿਖਤੀ ਪ੍ਰੀਖਿਆ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਹਾਈ-ਟੈਕ ਧੋਖਾਧੜੀ ਅਤੇ ਇੱਕ ਅੰਤਰਰਾਜੀ ਧੋਖਾਧੜੀ ਰੈਕੇਟ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਹੈ।
ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 454 ਫਾਰਮਾਸਿਸਟ (ਫਾਰਮੇਸੀ ਅਫਸਰ) ਗਰੁੱਪ ਸੀ ਦੇ ਅਹੁਦਿਆਂ 'ਤੇ ਭਰਤੀ ਲਈ ਲਿਖਤੀ ਪ੍ਰੀਖਿਆ ਵਿੱਚ ਹਾਈ-ਟੈਕ ਧੋਖਾਧੜੀ ਦੇ ਦੋਸ਼ ਲਗਾਉਣ ਵਾਲੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੂਰੀ ਚੋਣ ਪ੍ਰਕਿਰਿਆ ਇਸ ਪਟੀਸ਼ਨ ਦੇ ਅੰਤਿਮ ਫੈਸਲੇ ਦੁਆਰਾ ਨਿਰਧਾਰਤ ਕੀਤੀ ਜਾਵੇਗੀ।
ਪਰ ਹਾਈਕੋਰਟ ਵੱਲੋਂ ਸਮਾਂ ਦਿੱਤੇ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਆਪਣਾ ਜਵਾਬ ਦਾਖਿਲ ਨਹੀਂ ਕੀਤਾ ਗਿਆ, ਜਿਸ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ।
ਜਾਣੋ ਕੀ ਹੈ ਮਾਮਲਾ
ਕਾਬਿਲੇਗੌਰ ਹੈ ਕਿ ਫਾਰਮੇਸੀ ਅਫਸਰ ਦੀ ਪ੍ਰੀਖਿਆ 19 ਜੁਲਾਈ ਨੂੰ ਹੋਈ ਸੀ। ਪੁਲਿਸ ਨੇ ਨਕਲ ਦੇ ਇਲਜ਼ਾਮ ਵਿੱਚ 35 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ, ਇਹ ਮੁੱਦਾ ਇੱਕ ਰਾਜਨੀਤਿਕ ਮੁੱਦਾ ਬਣ ਗਿਆ ਹੈ। ਵਿਰੋਧੀ ਧਿਰ ਪੇਪਰ ਲੀਕ ਹੋਣ ਦਾ ਦੋਸ਼ ਲਗਾ ਰਹੀ ਹੈ, ਜਦੋਂ ਕਿ ਸਰਕਾਰ ਇਸਨੂੰ ਧੋਖਾਧੜੀ ਦਾ ਮਾਮਲਾ ਦੱਸ ਕੇ ਆਪਣਾ ਬਚਾਅ ਕਰ ਰਹੀ ਹੈ।
ਇਹ ਵੀ ਪੜ੍ਹੋ : Gurudwara Hansali Sahib : ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਇੰਝ ਵਾਪਰਿਆ ਹਾਦਸਾ