ਪਲਾਟ ਖ਼ਰੀਦ ਘੁਟਾਲਾ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਨਿਕਲਿਆ ਗ੍ਰਿਫ਼ਤਾਰੀ ਵਾਰੰਟ

By  Jasmeet Singh September 26th 2023 04:45 PM -- Updated: September 26th 2023 05:17 PM

ਚੰਡੀਗੜ੍ਹ: ਪਲਾਟ ਖ਼ਰੀਦ ਘੁਟਾਲੇ ਮਾਮਲੇ ਨੂੰ ਲੈ ਕੇ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਸਾਬਕਾ ਵਿੱਤ ਮੰਤਰੀ ਖ਼ਿਲਾਫ਼ LOC ਨੋਟਿਸ ਜਾਰੀ ਹੋਇਆ ਸੀ। ਦੱਸਣਯੋਗ ਹੈ ਕਿ ਹੁਣ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਮਾਮਲਾ ਬਠਿੰਡਾ ਵਿੱਚ ਇੱਕ ਪਲਾਂਟ ਦੀ ਖ਼ਰੀਦ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। 

ਸੁਣਵਾਈ ਤੋਂ ਪਹਿਲਾਂ ਵਾਪਸ ਲੈ ਲਈ ਪਟੀਸ਼ਨ 
ਵਿਜੀਲੈਂਸ ਬਿਊਰੋ ਬਠਿੰਡਾ ਦੀ ਤਰਫੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਇੱਕ ਪੀ.ਸੀ.ਐਸ. ਅਧਿਕਾਰੀ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਮਨਪ੍ਰੀਤ ਬਾਦਲ ਵੱਲੋਂ ਮੰਗਲਵਾਰ ਨੂੰ ਬਠਿੰਡਾ ਅਦਾਲਤ ਵਿੱਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਗਈ ਹੈ। ਉਨ੍ਹਾਂ ਦੀ ਅਰਜ਼ੀ 'ਤੇ ਵਧੀਕ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ 'ਚ ਸੁਣਵਾਈ ਹੋਣੀ ਸੀ ਪਰ ਮੰਗਲਵਾਰ ਨੂੰ ਮਨਪ੍ਰੀਤ ਬਾਦਲ ਦੇ ਵਕੀਲ ਐਡਵੋਕੇਟ ਸੁਖਦੀਪ ਬਿੰਦਰ ਨੇ ਅਦਾਲਤ 'ਚੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਕੇ ਅਗਲੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਹ ਨਵੇਂ ਸਿਰੇ ਤੋਂ ਮਨਪ੍ਰੀਤ ਬਾਦਲ ਦੀ ਜ਼ਮਾਨਤ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੀ ਹੈ।

ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਪਹੁੰਚੇ 
ਅਦਾਲਤ 
ਦੱਸ ਦੇਈਏ ਕਿ 23 ਸਤੰਬਰ ਨੂੰ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਵਲੋਂ ਆਪਣੇ ਖਿਲਾਫ ਚੱਲ ਰਹੀ ਜਾਂਚ ਦੌਰਾਨ ਸੰਭਾਵੀ ਗ੍ਰਿਫਤਾਰੀ ਦੇ ਡਰੋਂ ਅਦਾਲਤ ਪਹੁੰਚੇ ਸਨ। ਕਰੀਬ ਦੋ ਮਹੀਨਿਆਂ ਤੋਂ ਸਿਆਸੀ ਸਰਗਰਮੀਆਂ ਤੋਂ ਲਾਪਤਾ ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਦੀ ਵੀਡੀਓ ਵੀ ਨੱਥੀ ਕੀਤੀ, ਜਿਸ ਵਿੱਚ ਉਹ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰਨ ਦਾ ਦਾਅਵਾ ਕਰ ਰਹੇ ਸਨ।

ਵਿਜੀਲੈਂਸ ਵਿਭਾਗ ਪੂਰੀ ਤਰ੍ਹਾਂ ਸਰਗਰਮ
ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਾਊਂ ਜ਼ਮਾਨਤ ਦਾਇਰ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਉਸ ਵਿਰੁੱਧ ਚੱਲ ਰਹੀ ਜਾਂਚ ਨੂੰ ਤੇਜ਼ ਕਰਦਿਆਂ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁਕ ਆਊਟ ਨੋਟਿਸ ਜਾਰੀ, ਇੱਥੇ ਜਾਣੋ ਪੂਰਾ ਮਾਮਲਾ

Related Post