ਹਸਪਤਾਲ 'ਚ ਜ਼ਖਮੀਆਂ ਨੂੰ ਮਿਲੇ PM ਮੋਦੀ, ਕਿਹਾ 'ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਤੋਂ ਸਖ਼ਤ ਸਜ਼ਾ'

By  Jasmeet Singh June 3rd 2023 08:08 PM -- Updated: June 3rd 2023 08:10 PM

ਓਡੀਸ਼ਾ: ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 850 ਲੋਕ ਜ਼ਖਮੀ ਹੋਏ ਹਨ। ਇਸ ਘਟਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਓਡੀਸ਼ਾ ਪਹੁੰਚੇ। ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਬਚਾਅ ਕਾਰਜਾਂ 'ਚ ਫੌਜ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਪੀਐਮ ਮੋਦੀ ਨੇ ਹਾਦਸੇ ਨੂੰ ਲੈ ਕੇ ਮੀਟਿੰਗ ਵੀ ਬੁਲਾਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਹਸਪਤਾਲ 



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਬਾਲਾਸੋਰ ਦੇ ਹਸਪਤਾਲ ਪਹੁੰਚੇ। ਇੱਥੇ ਉਨ੍ਹਾਂ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੌਕੇ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਦੁਖੀ ਪਰਿਵਾਰਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮਿਲਦੀ ਰਹੇ।

ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ - ਪੀਐਮ ਮੋਦੀ


ਹਸਪਤਾਲ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਲਈ ਇਹ ਬਹੁਤ ਦੁਖਦਾਈ ਹੈ। ਸਰਕਾਰ ਜ਼ਖਮੀਆਂ ਦੀ ਚੰਗੀ ਸਿਹਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਇੱਕ ਗੰਭੀਰ ਘਟਨਾ ਹੈ। ਹਰ ਤਰ੍ਹਾਂ ਦੇ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਰੇਲਵੇ, ਓਡੀਸ਼ਾ ਸਰਕਾਰ ਅਤੇ ਸਥਾਨਕ ਲੋਕਾਂ ਦਾ ਉਪਲਬਧ ਸਾਧਨਾਂ ਨਾਲ ਬਚਾਅ ਕਾਰਜ ਚਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਕੋਲ ਇਹ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ। ਸਾਨੂੰ ਸਾਰਿਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਪ੍ਰਾਰਥਨਾ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਇਸ ਨੂੰ ਦੂਰ ਕਰ ਸਕੀਏ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹਾਂ।

ਮ੍ਰਿਤਕਾਂ ਦੇ ਵਾਰਸਾਂ ਲਈ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ 

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮ੍ਰਿਤਕਾਂ ਲਈ 10 ਲੱਖ, ਗੰਭੀਰ ਜ਼ਖਮੀਆਂ ਨੂੰ 2 ਲੱਖ ਅਤੇ ਮਾਮੂਲੀ ਸੱਟਾਂ ਵਾਲਿਆਂ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਵੈਸ਼ਨਵ ਨੇ ਟਵੀਟ ਕਰ ਕਿਹਾ, "ਉੜੀਸਾ ਵਿੱਚ ਇਸ ਮੰਦਭਾਗੇ ਰੇਲ ਹਾਦਸੇ ਦੇ ਪੀੜਤਾਂ ਵਿਚੋਂ ਮਰਨ ਵਾਲਿਆਂ ਦੇ ਵਾਰਸਾਂ ਨੂੰ 10 ਲੱਖ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਅਤੇ ਮਾਮੂਲੀ ਸੱਟਾਂ ਵਾਲਿਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।"

58 ਟਰੇਨਾਂ ਰੱਦ ਅਤੇ 81 ਟਰੇਨਾਂ ਨੂੰ ਕੀਤਾ ਗਿਆ ਡਾਇਵਰਟ

ਰੇਲਵੇ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਅਮਿਤਾਭ ਸ਼ਰਮਾ ਨੇ ਬਾਲਾਸੋਰ ਰੇਲ ਹਾਦਸੇ ਬਾਰੇ ਅਪਡੇਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋ ਘੰਟੇ ਪਹਿਲਾਂ ਮਿਲੀ ਜਾਣਕਾਰੀ ਅਨੁਸਾਰ 58 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ 81 ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ। 10 ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਜਗ੍ਹਾ 'ਤੇ ਮੁਰੰਮਤ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਮੁਰੰਮਤ ਦਾ ਕੰਮ ਪੂਰਾ ਹੋ ਜਾਵੇਗਾ।

ਹੋਰ ਖ਼ਬਰਾਂ ਪੜ੍ਹੋ: 

Related Post