PM Narendra Modi 17 july ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦਾ ਕਰਨਗੇ ਦੌਰਾ, ਪੜ੍ਹੋ ਉਨ੍ਹਾਂ ਦੀ ਫੇਰੀ ਸਬੰਧੀ ਹਰ ਇੱਕ ਜਾਣਕਾਰੀ
ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦੁਪਹਿਰ 2 ਵਜੇ ਤੋਂ ਸ਼ਾਮ 5:30 ਵਜੇ ਤੱਕ ਰਾਸ਼ਟਰੀ ਰਾਜਮਾਰਗ 'ਤੇ ਬੇਲੋੜੀ ਯਾਤਰਾ ਤੋਂ ਬਚਣ।
ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਜਲੰਧਰ ਦੇ ਪ੍ਰਸਤਾਵਿਤ ਦੌਰੇ ਲਈ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਪਹਿਰ 3:40 ਵਜੇ ਦੇ ਕਰੀਬ ਜਲੰਧਰ ਪਹੁੰਚਣਗੇ ਅਤੇ ਸ਼ਹਿਰ ਵਿੱਚ ਲਗਭਗ ਡੇਢ ਘੰਟਾ ਰੁਕਣਗੇ।
ਇਸ ਸਮਾਗਮ ਦੌਰਾਨ, ਉਹ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਪੁਨਰ ਵਿਕਸਤ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ, ਦੇਸ਼ ਭਰ ਦੇ 74 ਹੋਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਵੀ ਵਰਚੁਅਲੀ ਉਦਘਾਟਨ ਕੀਤਾ ਜਾਵੇਗਾ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਾਨ ਰਾਸ਼ਟਰੀ ਰਾਜਮਾਰਗ 44 ਦੇ ਬਹੁਤ ਨੇੜੇ ਹੋਣ ਕਾਰਨ, ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਅਸਥਾਈ ਟ੍ਰੈਫਿਕ ਡਾਇਵਰਸ਼ਨ ਲਾਗੂ ਕੀਤੇ ਜਾਣਗੇ।
ਹਰਿਆਣਾ ਵਿੱਚ ਪਹਿਲੀ ਹਾਈਡ੍ਰੋਜਨ ਟ੍ਰੇਨ ਅਤੇ ਵਿਕਾਸ ਪ੍ਰੋਜੈਕਟ ਸ਼ੁਰੂ
ਪ੍ਰਧਾਨ ਮੰਤਰੀ ਮੋਦੀ ਜੀਂਦ ਵਿੱਚ ਲਗਭਗ 14,700 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਜੀਂਦ ਅਤੇ ਸੋਨੀਪਤ ਵਿਚਕਾਰ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾਉਣਗੇ। ਹਾਈਡ੍ਰੋਜਨ ਫਿਊਲ ਸੈੱਲਾਂ ਦੁਆਰਾ ਸੰਚਾਲਿਤ, ਇਹ ਟ੍ਰੇਨ ਦੁਨੀਆ ਦੀਆਂ ਸਭ ਤੋਂ ਲੰਬੀਆਂ ਅਤੇ ਸਭ ਤੋਂ ਸ਼ਕਤੀਸ਼ਾਲੀ ਹਾਈਡ੍ਰੋਜਨ ਟ੍ਰੇਨਾਂ ਵਿੱਚੋਂ ਇੱਕ ਹੈ। ਇਹ ਜ਼ੀਰੋ ਕਾਰਬਨ ਨਿਕਾਸ ਪੈਦਾ ਕਰੇਗੀ ਅਤੇ ਸਿਰਫ਼ ਪਾਣੀ ਦੀ ਭਾਫ਼ ਛੱਡੇਗੀ।
ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸਿੱਖ ਅਜਾਇਬ ਘਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਵਿੱਚ ਸਿੱਖ ਗੁਰੂਆਂ ਦੀ ਵਿਰਾਸਤ ਅਤੇ ਸਿੱਖ ਪਰੰਪਰਾਵਾਂ ਨੂੰ ਸਮਰਪਿਤ ਇੱਕ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਣਗੇ। ਅਜਾਇਬ ਘਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਹਿੰਮਤ, ਕੁਰਬਾਨੀਆਂ ਅਤੇ ਆਧੁਨਿਕ ਤਕਨਾਲੋਜੀ ਰਾਹੀਂ ਭਾਰਤੀ ਸਭਿਅਤਾ ਅਤੇ ਸੱਭਿਆਚਾਰ ਵਿੱਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗਾ।
ਚੰਡੀਗੜ੍ਹ ਵਿੱਚ ਸਿਹਤ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਿਲੇਗਾ ਹੁਲਾਰਾ
ਪ੍ਰਧਾਨ ਮੰਤਰੀ ਚੰਡੀਗੜ੍ਹ ਵਿੱਚ 6,600 ਕਰੋੜ ਰੁਪਏ ਤੋਂ ਵੱਧ ਦੇ ਸਿਹਤ, ਸਿੱਖਿਆ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਪੀਜੀਆਈਐਮਈਆਰ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਅਤੇ ਸੈਂਟਰ ਫਾਰ ਐਡਵਾਂਸਡ ਨਿਊਰੋਸਾਇੰਸ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਦੇ ਤਹਿਤ 150 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਵੀ ਰੱਖਣਗੇ। ਸਿੱਖਿਆ ਖੇਤਰ ਵਿੱਚ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਸਰਕਾਰੀ ਕਾਲਜ, ਸੈਕਟਰ 46 ਵਿਖੇ ਨਵੇਂ ਹੋਸਟਲਾਂ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖੇ ਜਾਣਗੇ।
ਸੜਕ ਸੰਪਰਕ ਨੂੰ ਮਜ਼ਬੂਤ ਕਰਨ ਲਈ ਕਈ ਪ੍ਰੋਜੈਕਟ
ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਮੋਹਾਲੀ ਆਈਟੀ ਸਿਟੀ ਤੋਂ ਕੁਰਾਲੀ ਤੱਕ 6-ਲੇਨ ਵਾਲੇ ਗ੍ਰੀਨਫੀਲਡ ਹਾਈਵੇਅ ਦਾ ਉਦਘਾਟਨ ਕਰਨਗੇ। ਨਾਲ ਹੀ ਉਨ੍ਹਾਂ ਵੱਲੋਂ ਜ਼ੀਰਕਪੁਰ ਗ੍ਰੀਨਫੀਲਡ ਬਾਈਪਾਸ ਅਤੇ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ (NH-205A) ਦੇ PR-7 ਕੋਰੀਡੋਰ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰੋਜੈਕਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਨੂੰ ਬਿਹਤਰ ਬਣਾਵੇਗਾ।
ਪੰਜਾਬ ਵਿੱਚ ਰੇਲ ਅਤੇ ਸੜਕ ਪ੍ਰੋਜੈਕਟਾਂ ਨੂੰ ਮਿਲੇਗੀ ਗਤੀ
ਜਲੰਧਰ ਵਿੱਚ, ਪ੍ਰਧਾਨ ਮੰਤਰੀ 5,470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 20 ਰਾਜਾਂ ਵਿੱਚ 75 ਪੁਨਰ ਵਿਕਸਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਲਗਭਗ 1,570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ, ਇਹ ਸਟੇਸ਼ਨ ਸਥਾਨਕ ਵਿਰਾਸਤ ਅਤੇ ਸੱਭਿਆਚਾਰ ਦੀ ਝਲਕ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਦਾ ਪ੍ਰਦਰਸ਼ਨ ਕਰਨਗੇ।
ਮੁਹਾਲੀ ’ਚ 'ਨੋ ਫਲਾਇੰਗ ਜ਼ੋਨ' ਐਲਾਨ
ਪੀਐਮ ਮੋਦੀ ਦੀ ਫੇਰੀ ਦੇ ਚੱਲਦੇ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੇ 17 ਜੁਲਾਈ, 2026 ਦੇ ਚੰਡੀਗੜ੍ਹ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਨੂੰ 17 ਜੁਲਾਈ, 2026 ਲਈ 'ਨੋ ਫਲਾਇੰਗ ਜ਼ੋਨ' (No Flying Zone) ਘੋਸ਼ਿਤ ਕੀਤਾ ਗਿਆ ਹੈ।

ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹਵਾਈ ਖੇਤਰ ਵਿੱਚ ਡਰੋਨ, ਯੂ.ਏ.ਵੀ, ਮਾਈਕਰੋ ਲਾਈਟ ਏਅਰਕ੍ਰਾਫਟ ਅਤੇ ਹੋਰ ਕਿਸੇ ਵੀ ਕਿਸਮ ਦੇ ਉਡਾਣ ਭਰਨ ਵਾਲੇ ਉਪਕਰਨ (Flying Objects) ਉਡਾਉਣ 'ਤੇ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਪਾਬੰਦੀ 17 ਜੁਲਾਈ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਮੂਹ ਹਵਾਈ ਖੇਤਰ ਵਿੱਚ ਲਾਗੂ ਰਹੇਗੀ।
ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਕਿਸੇ ਵੀ ਕਿਸਮ ਦੇ ਡਰੋਨ ਜਾਂ ਹੋਰ ਉਡਾਣ ਭਰਨ ਵਾਲੇ ਉਪਕਰਨ ਦੀ ਵਰਤੋਂ ਤੋਂ ਗੁਰੇਜ਼ ਕਰਨ।
ਜਲੰਧਰ ’ਚ ਸਫਾਈ ਅਭਿਆਨ
ਜਲੰਧਰ ਦੇ ਇੱਕ ਪਾਰਕ ਵਿੱਚ ਸਫ਼ਾਈ ਅਭਿਆਨ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੇ ਪੰਜਾਬ ਵਿੱਚ ਜੋਸ਼ ਅਤੇ ਉਤਸ਼ਾਹ ਨਾਲ ਸਫ਼ਾਈ ਅਭਿਆਨ ਚਲਾ ਰਹੇ ਹਨ।
3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਜਾ ਰਿਹਾ ਹੈ। ਭਾਜਪਾ ਦੇ 620 ਮੰਡਲਾਂ ਵਿੱਚ 3,100 ਤੋਂ ਵੱਧ ਥਾਵਾਂ 'ਤੇ ਸਫ਼ਾਈ ਅਭਿਆਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਵਰਕਰਾਂ ਨੇ ਭਾਗ ਲਿਆ।
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ਵਿੱਚ ਭਾਗ ਲਿਆ।
ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ- ਪੰਜਾਬ ਬੀਜੇਪੀ ਸੂਬਾ ਪ੍ਰਧਾਨ
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਵਿਸ਼ਵ-ਪੱਧਰੀ ਵਿਕਾਸ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋ ਰਿਹਾ ਹੈ ਅਤੇ ਪੰਜਾਬ ਵੀ ਇਸ ਵਿਕਾਸ ਯਾਤਰਾ ਦਾ ਇੱਕ ਮਹੱਤਵਪੂਰਨ ਭਾਗੀਦਾਰ ਬਣ ਰਿਹਾ ਹੈ।
ਇਹ ਵੀ ਪੜ੍ਹੋ : Jagraon ’ਚ ਆਵਾਰਾ ਕੁੱਤਿਆਂ ਦਾ ਆਤੰਕ ; ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ