PM ਨਰਿੰਦਰ ਮੋਦੀ ਆਉਣਗੇ ਡੇਰਾ ਬਿਆਸ, ਮੁਖੀ ਗੁਰਿੰਦਰ ਢਿੱਲੋਂ ਨਾਲ ਕਰਨਗੇ ਮੁਲਾਕਾਤ - ਸੂਤਰ

By  Jasmeet Singh November 3rd 2022 04:24 PM -- Updated: November 3rd 2022 04:31 PM

ਅੰਮ੍ਰਿਤਸਰ, 3 ਨਵੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ। ਸੂਤਰਾਂ ਮੁਤਾਬਕ ਉਹ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲਣਗੇ। ਉਹ ਉੱਥੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਸੁੰਦਰਨਗਰ ਵਿੱਚ ਅਤੇ ਦੁਪਹਿਰ ਨੂੰ ਸੋਲਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

ਇਸ ਦੇ ਨਾਲ ਹੀ ਉਹ 9 ਨਵੰਬਰ ਨੂੰ ਕਾਂਗੜਾ ਦੇ ਸ਼ਾਹਪੁਰ ਚੰਬੀ ਮੈਦਾਨ 'ਚ ਚੋਣ ਰੈਲੀ ਕਰਨਗੇ। ਪ੍ਰਧਾਨ ਮੰਤਰੀ ਉਸੇ ਦਿਨ ਹਮੀਰਪੁਰ ਦੇ ਸੁਜਾਨਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਪਹੁੰਚਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਿਆਸ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਤਰਾਂ ਦਾ ਕਹਿਣਾ ਕਿ ਡੇਰਾ ਬਿਆਸ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵੀ ਮੱਥਾ ਟੇਕਣਗੇ।

ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਵੀ ਵੱਡੀ ਗਿਣਤੀ ਵਿੱਚ ਡੇਰਾ ਬਿਆਸ ਦੇ ਪੈਰੋਕਾਰ ਹਨ। ਡੇਰਾ ਬਿਆਸ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਹਿਮਾਚਲ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਨਗੇ।

ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ 'ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਆਈ.ਏ.ਐਸ. ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਸੰਗ ਬਿਆਸ, ਡੇਰਾ ਬਾਬਾ ਜੈਮਲ ਸਿੰਘ, ਸਬ ਤਹਿਸੀਲ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦੇ ਹੁਕਮ 6 ਨਵੰਬਰ 2022 ਤੱਕ ਲਾਗੂ ਰਹਿਣਗੇ। 

Related Post