PTC News
Search
🔍 Search

PRTC ਤੇ Punbus ਦੇ ਕੱਚੇ ਕਾਮਿਆਂ ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ, 16, 17 ਅਤੇ 18 ਨਵੰਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਤੇ ਜਾਣ ਦੀ ਦਿੱਤੀ ਚਿਤਾਵਨੀ

ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਵੀ ਹੋ ਸਕਦਾ ਐਲਾਨ

By  Jaswinder Kaur November 10th 2026 02:02 PM

PRTC and Punbus workers protest in Bathinda :  ਬਠਿੰਡਾ ਵਿਖੇ ਅੱਜ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਿਰਫ਼ ਦਾਅਵੇ ਅਤੇ ਪੋਸਟਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਮੁਲਾਜ਼ਮਾਂ ਨੇ ਕਿਹਾ ਕਿ 'ਆਪ' ਸਰਕਾਰ ਸਿਰਫ ਫੋਕੀ ਵਾਹ ਵਾਹੀ ਖੱਟਣ ਲਈ ਥਾਂ ਥਾਂ 'ਤੇ ਪੋਸਟਰ ਤੇ ਬੈਨਰ ਲਗਾ ਕੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਦਾਅਵੇ ਕਰ ਰਹੀ ਹੈ ਜਦਕਿ ਹਕੀਕਤ ਕੁਝ ਹੋਰ ਹੀ ਹੈ।   

ਇਹ ਵੀ ਪੜ੍ਹੋ : 

Punjab Weather Update: ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਅਤੇ ਹਵਾ ਪ੍ਰਦੂਸ਼ਿਤ!

ਇਸ ਮੌਕੇ ਜਾਣਕਾਰੀ ਦਿੰਦਿਆਂ ਪੀਆਰਟੀਸੀ ਪਨਬੱਸ ਦੇ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਰ ਵਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਦੇ ਕੇ ਮਾਮਲੇ ਨੂੰ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਇਸ ਦੇ ਉਲਟ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵਲੋਂ ਬੀਤੇ ਸਮੇਂ ਤੋਂ ਕਈ ਵਾਰ ਹੜਤਾਲ ਤੇ ਚੱਕਾ ਜਾਮ ਕੀਤਾ ਗਿਆ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਕਾਰਨ ਹੁਣ ਰੋਸ ਵਜੋਂ ਉਨ੍ਹਾਂ ਵਲੋਂ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਜਾ ਸਕਦਾ ਹੈ। 

ਉਨ੍ਹਾਂ ਐਲਾਨ ਕੀਤਾ ਕਿ 16, 17 ਅਤੇ 18 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅਤੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਸਬੰਧੀ ਵੀ ਅਗਲਾ ਐਲਾਨ ਕੀਤਾ ਜਾ ਸਕਦਾ ਹੈ।

ਸਰਬਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਪਿੰਡ-ਪਿੰਡ ਜਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲਾਅਰੇਬਾਜ਼ ਅਤੇ ਝੂਠੀਆਂ ਨੀਤੀਆਂ ਅਤੇ ਵਾਅਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਨੂੰ ਵੋਟ ਨਾ ਪਾਈ ਜਾਵੇ।

Related Post