Bus Strike News : ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਠੇਕਾ ਮੁਲਾਜ਼ਮਾਂ ਵੱਲੋਂ 27 ਨੂੰ ਕੀਤੀਆਂ ਜਾਣਗੀਆਂ ਗੇਟ ਰੈਲੀਆਂ

PRTB Bus Strike News : ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ। ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

By  KRISHAN KUMAR SHARMA July 20th 2026 01:22 PM -- Updated: July 20th 2026 01:25 PM

PRTB Bus Strike News : ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇਂ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸਿਸਟਮ ਬੰਦ ਕਰਕੇ ਪੂਰੀਆਂ ਤਨਖਾਹਾਂ ਦਿੱਤੀਆ ਜਾਣਗੀਆਂ, ਪ੍ਰੰਤੂ 4 ਸਾਲ ਤੋਂ ਵੱਧ ਸਮਾ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋਂ ਇਲਾਵਾ ਕੁਝ ਨਹੀਂ ਕੀਤਾ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ। ਸਰਕਾਰ ਨੇ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵਿਭਾਗ 'ਚ ਭ੍ਰਿਸ਼ਟਾਚਾਰ ਦੇ ਲਾਏ ਇਲਜ਼ਾਮ

ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜੋਧ ਸਿੰਘ, ਜਲੌਰ ਸਿੰਘ, ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ, ਦੂਸਰੇ ਪਾਸੇ ਆਊਟ ਸੋਰਸ ਮੁਲਾਜ਼ਮਾਂ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾ ਰਹੀ ਹੈ, ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾਂ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ, ਸਗੋਂ ਹੋਰ ਕੁਰੱਪਸ਼ਨ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ। ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ। ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। (Punjab Bus Strike News)

ਸਰਕਾਰ 'ਤੇ ਟਾਲ-ਮਟੋਲ ਦੀ ਨੀਤੀ ਅਪਨਾਉਣ ਦਾ ਇਲਜ਼ਾਮ

ਸੂਬਾ ਆਗੂ ਰੋਹੀ ਰਾਮ ਸੀ. ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਪ੍ਰਦੀਪ ਕੁਮਾਰ ਨੇ ਬੋਲਦਿਆ ਕਿਹਾ ਕਿ ਸਰਕਾਰ ਵੱਲੋਂ 24-6-2026 ਦੀ ਮੀਟਿੰਗ ਵਿੱਚ  ਸਰਕਾਰ ਨੇ 10 ਦਿਨ ਦਾ ਸਮਾਂ ਮੰਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ, ਜਦਕਿ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ। ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਭਰੋਸਾ ਦਿੱਤਾ ਗਿਆ ਹੈ। ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣਗੇ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ।

ਕਿਹੜੀਆਂ-ਕਿਹੜੀਆਂ ਤਰੀਕਾਂ ਨੂੰ ਕੀਤਾ ਜਾਵੇਗਾ ਸੰਘਰਸ਼ 

ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਦੇ ਲਈ ਮਿਤੀ 27/07/2026 ਨੂੰ ਸਮੂੰਹ ਡਿੱਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ ਅਤੇ 3-4-5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਨਾਲ ਹੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਆ ਰਹੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਭੁੱਖ ਹੜਤਾਲ ਸਮੇਤ ਧਰਨਾ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।

ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਗੁਰਬਾਜ ਸਿੰਘ, ਭਗਤ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਸਲੁੱਖਣ ਸਿੰਘ, ਜਗਦੀਸ਼ਵਰ ਸਮੇਤ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਹੋਏ।

ਇਹ ਵੀ ਪੜ੍ਹੋ... Monsoon session 7 bill Listed : ਹੰਗਾਮੇ ਵਿਚਾਲੇ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ; ਸਰਕਾਰ ਵੱਲੋਂ ਪੇਸ਼ ਕੀਤੇ ਜਾਣਗੇ ਇਹ 7 ਬਿੱਲ

Related Post