Punjab Cabinet Decisions : 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਮਿਲੀ ਮਨਜੂਰੀ, ਪੜ੍ਹੋ ਪੰਜਾਬ ਕੈਬਨਿਟ ਚ ਹੋਰ ਕਿਹੜੇ ਵੱਡੇ ਫੈਸਲਿਆਂ ਤੇ ਲੱਗੀ ਮੋਹਰ
Punjab Cabinet Decisions : ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ।
Punjab Cabinet Decisions : ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ।
ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।
ਨਿਵੇਸ਼ਕਾਂ ਨੂੰ ਰਾਹਤ
ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ 'ਤੇ ਲਾਗੂ ਕੀਤੇ ਗਏ ਸਨ। ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।