Punjab Cabinet Decisions : ਜਿਸਦਾ ਖੇਤ, ਉਸ ਦੀ ਰੇਤ ਸਕੀਮ ਤੋਂ ਲੈ ਕੇ ਮ੍ਰਿਤਕ ਲਈ 4 ਲੱਖ ਰੁਪਏ ਮੁਆਵਜ਼ਾ, ਪੜ੍ਹੋ ਪੰਜਾਬ ਕੈਬਨਿਟ ਦੇ ਅਹਿਮ ਫੈਸਲੇ

Punjab Cabinet Decisions : ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 'ਜਿਸਦਾ ਖੇਤ, ਉਸਦੀ ਰੇਤ' ਸਕੀਮ ਨੂੰ ਮਨਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹੀ ਹੀ 'ਕਿਸਾਨ ਦਾ ਖੇਤ - ਕਿਸਾਨ ਦੀ ਰੇਤ' ਸਕੀਮ ਦਾ ਐਲਾਨ ਕੀਤਾ ਗਿਆ ਸੀ।

By  KRISHAN KUMAR SHARMA September 8th 2025 03:26 PM -- Updated: September 8th 2025 04:14 PM

Punjab Cabinet Decisions : ਪੰਜਾਬ 'ਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਹਰ ਪਾਸੇ ਤੋਂ ਘਿਰਦੀ ਨਜ਼ਰ ਆ ਰਹੀ ਸੀ। ਹੁਣ ਪੰਜਾਬ ਕੈਬਨਿਟ ਨੇ ਹੜ੍ਹ ਪੀੜਤਾਂ ਨੂੰ ਥੋੜ੍ਹੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 'ਜਿਸਦਾ ਖੇਤ, ਉਸਦੀ ਰੇਤ' ਸਕੀਮ ਨੂੰ ਮਨਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹੀ ਹੀ 'ਕਿਸਾਨ ਦਾ ਖੇਤ - ਕਿਸਾਨ ਦੀ ਰੇਤ' ਸਕੀਮ ਦਾ ਐਲਾਨ ਕੀਤਾ ਗਿਆ ਸੀ।

31 ਦਸੰਬਰ ਤੱਕ ਬਿਨਾਂ ਪਰਮਿਟ ਰੇਤਾ ਵੇਚ ਸਕਣਗੇ ਕਿਸਾਨ

ਪੰਜਾਬ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ਕਿਸਾਨਾਂ ਖਾਤਰ ਕਈ ਅਹਿਮ ਫੈਸਲੇ ਲਏ ਹਨ, ਜਿਸ ਵਿੱਚ 'ਜਿਸਦਾ ਖੇਤ, ਉਸ ਦੀ ਰੇਤ' ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੇਤਾਂ 'ਚ 3-4 ਫੁੱਟ ਰੇਤ ਭਰ ਗਈ ਹੈ ਅਤੇ 31 ਦਸੰਬਰ ਤੱਕ ਕਿਸਾਨ ਇਸ ਰੇਤ ਨੂੰ ਬਾਜ਼ਾਰ ਵਿੱਚ ਵੇਚ ਸਕਣਗੇ, ਜਿਸ ਲਈ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।

ਪ੍ਰਤੀ ਏਕੜ 20 ਹਜ਼ਾਰ ਅਤੇ ਮ੍ਰਿਤਕ ਦੇ ਪੀੜਤਾਂ ਨੂੰ ਮੁਆਵਜ਼ੇ ਦਾ ਐਲਾਨ

ਇਸ ਦੇ ਨਾਲ ਹੀ ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪੀੜਤਾਂ ਨੂੰ ਪ੍ਰਤੀ ਵਿਅਕਤੀ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਜਿਨ੍ਹਾਂ ਦੇ ਘਰ ਢਹਿ ਗਏ ਹਨ, ਉਨ੍ਹਾਂ ਦਾ ਸਰਵੇ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ। ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਮੁਆਵਜ਼ੇ ਦੇ ਚੈੱਕ ਸਿੱਧੇ ਕਿਸਾਨਾਂ ਨੂੰ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵੱਲੋਂ ਹੋਰ ਲਏ ਗਏ ਅਹਿਮ ਫੈਸਲੇ...

  • ਜਿਨ੍ਹਾਂ ਪਰਿਵਾਰਾਂ ਦੇ ਘਰ ਢਹਿ ਗਏ ਹਨ, ਉਨ੍ਹਾਂ ਪਰਿਵਾਰਾਂ ਲਈ ਇੱਕ ਸਰਵੇਖਣ ਕੀਤਾ ਜਾਵੇਗਾ ਅਤੇ ਨੁਕਸਾਨ ਦਾ ਮੁਲਾਂਕਣ ਹੁੰਦੇ ਹੀ ਸਰਕਾਰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ
  • ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲਏ ਗਏ ਕਰਜ਼ੇ ਦੀਆਂ ਕਿਸ਼ਤਾਂ ਦਾ ਭੁਗਤਾਨ ਕਰਨ ਵਿੱਚ 6 ਮਹੀਨਿਆਂ ਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨੂੰ ਇਸ ਸਮੇਂ ਦੌਰਾਨ ਕਿਸ਼ਤਾਂ ਨਹੀਂ ਦੇਣੀ ਪਵੇਗੀ। ਉਨ੍ਹਾਂ ਨੂੰ ਵਿਆਜ ਵਿੱਚ ਵੀ ਛੋਟ ਦਿੱਤੀ ਜਾਵੇਗੀ।
  • ਪਸ਼ੂ ਅਤੇ ਮੱਛੀ ਪਾਲਣ ਵਿੱਚ ਸ਼ਾਮਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੁਕਸਾਨ ਹੋਇਆ ਹੈ, ਸਰਕਾਰ ਇਸਦੀ ਭਰਪਾਈ ਕਰੇਗੀ। ਨਾਲ ਹੀ, ਜਾਨਵਰਾਂ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ।
  • ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ, ਲਗਭਗ 1700 ਪਿੰਡਾਂ ਅਤੇ 300 ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਹਰ ਪਿੰਡ ਵਿੱਚ ਕਲੀਨਿਕ ਸਥਾਪਤ ਕਰਕੇ ਡਾਕਟਰਾਂ ਦੀ ਇੱਕ ਟੀਮ ਭੇਜੀ ਜਾਵੇਗੀ, ਤਾਂ ਜੋ ਨੇੜਲੇ ਲੋਕਾਂ ਨੂੰ ਦਵਾਈਆਂ ਅਤੇ ਇਲਾਜ ਉਪਲਬਧ ਹੋ ਸਕਣ।
  • ਹੜ੍ਹ ਕਾਰਨ ਵਿਦਿਅਕ ਸੰਸਥਾਵਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਜੰਗੀ ਪੱਧਰ 'ਤੇ ਮੁਰੰਮਤ ਕੀਤੀ ਜਾਵੇਗੀ।

ਅਕਾਲੀ ਦਲ ਨੇ ਕੀਤਾ ਸੀ 'ਕਿਸਾਨ ਦਾ ਖੇਤ- ਕਿਸਾਨ ਦੀ ਰੇਤ' ਸਕੀਮ ਦਾ ਐਲਾਨ

7 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਕਈ ਇਲਾਕਿਆਂ ਦੇ ਦੌਰੇ ਉੱਤੇ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਇੱਕ ਵੱਡਾ ਐਲਾਨ ਕਰ ਦਿੱਤਾ। ਲੁਧਿਆਣਾ ਦੇ ਇਲਾਕਿਆਂ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ, ‘‘ਕਿਸਾਨ ਦਾ ਖੇਤ - ਕਿਸਾਨ ਦੀ ਰੇਤ’‘ ਉਨ੍ਹਾਂ ਅੱਗੇ ਕਿਹਾ ਕਿ ਦਰਿਆਵਾਂ ਦੇ ਬੰਨ੍ਹ ਟੁੱਟਣ ਨਾਲ ਖੇਤਾਂ 'ਚ ਹੜ੍ਹ ਦੇ ਨਾਲ ਇਕੱਠੀ ਹੋਈ ਰੇਤ ਦਾ ਮਾਲਕ ਖੇਤ ਵਾਲਾ ਹੀ ਹੋਵੇਗਾ, ਰੋਕਣ ਦੀ ਕੋਸ਼ਿਸ਼ ਹੋਈ ਤਾਂ ਅਕਾਲੀ ਦਲ ਡਟ ਕੇ ਖੜ੍ਹੇਗਾ।

Related Post