Punjab Cabinet Meeting : ਪੰਜਾਬ ਕੈਬਨਿਟ ਮੀਟਿੰਗ ਵਿੱਚ 6 ਫੈਸਲਿਆਂ ਨੂੰ ਪ੍ਰਵਾਨਗੀ, ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ ਕੀਤੀ 65 ਸਾਲ

Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਹੈ। ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ

By  Shanker Badra April 11th 2025 05:29 PM

Punjab Cabinet Meeting : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਹੈ। ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੀਟਿੰਗ ਵਿੱਚ ਅਨੁਸੂਚਿਤ ਜਾਤੀ (SC) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਖਾਸ ਤੌਰ 'ਤੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਦੀਆਂ ਨਿਯੁਕਤੀਆਂ ਵਿੱਚ ਐਸਸੀ ਭਾਈਚਾਰੇ ਦੇ ਵਕੀਲਾਂ ਲਈ ਰਾਖਵਾਂਕਰਨ ਜਾਂ ਵਿਸ਼ੇਸ਼ ਛੋਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਈ 

ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਅਗਲੇ ਤਿੰਨ ਸਾਲਾਂ ਵਿੱਚ ਲਗਭਗ 48 ਪ੍ਰੋਫੈਸਰਾਂ ਦੇ ਸੇਵਾਮੁਕਤ ਹੋਣ ਦੀ ਉਮੀਦ ਸੀ ਪਰ ਹੁਣ ਉਹ ਸੇਵਾਵਾਂ ਜਾਰੀ ਰੱਖ ਸਕਣਗੇ। 

ਮੈਡੀਕਲ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਈ 

ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਦੀ ਸੇਵਾਮੁਕਤੀ ਦੀ ਉਮਰ ਵੀ 58 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਹਾਲਾਂਕਿ, 58 ਸਾਲਾਂ ਬਾਅਦ ਉਨ੍ਹਾਂ ਨੂੰ ਆਖਰੀ ਤਨਖਾਹ 'ਤੇ ਆਧਾਰ 'ਤੇ ਕੰਟਰੈਕਟ 'ਤੇ ਨਿਯੁਕਤ ਕੀਤਾ ਜਾਵੇਗਾ।

ਪੇਂਡੂ ਵਿਕਾਸ ਵਿਭਾਗ ਵਿੱਚ ਬਲਾਕਾਂ ਦਾ ਕੀਤਾ ਜਾਵੇਗਾ ਪੁਨਰਗਠਨ  

ਪੇਂਡੂ ਵਿਕਾਸ ਵਿਭਾਗ ਵਿੱਚ ਬਲਾਕਾਂ ਦਾ ਪੁਨਰਗਠਨ ਕੀਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਲਾਕਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।  

ਨਗਰ ਸੁਧਾਰ ਟਰੱਸਟ ਦੇ ਅਧੀਨ ਲਾਗੂ ਕੀਤੀ ਜਾਵੇਗੀ OTS ਸਕੀਮ 

ਹੁਣ ਤੱਕ ਪੰਜਾਬ ਦੀ OTS (ਵਨ ਟਾਈਮ ਸੈਟਲਮੈਂਟ) ਸਕੀਮ ਨਗਰ ਸੁਧਾਰ ਟਰੱਸਟ 'ਤੇ ਲਾਗੂ ਨਹੀਂ ਹੁੰਦੀ ਸੀ ਪਰ ਹੁਣ ਇਸਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਇਸ ਤਹਿਤ ਜੁਰਮਾਨਾ ਵਿਆਜ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਗੈਰ-ਉਸਾਰੀ ਫੀਸਾਂ ਅਤੇ ਜੁਰਮਾਨਿਆਂ 'ਤੇ 50% ਛੋਟ ਦਿੱਤੀ ਗਈ ਹੈ। ਇਸ ਤੋਂ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

ਈਕੋ-ਸੈਂਸਟਿਵ ਜ਼ੋਨ 100 ਮੀਟਰ ਤੱਕ ਵਧਾਇਆ 

ਰਾਜ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਸਪੱਸ਼ਟ ਕੀਤਾ ਸੀ ਕਿ ਜੰਗਲੀ ਖੇਤਰਾਂ ਲਈ ਈਕੋ-ਸੈਂਸਟਿਵ ਜ਼ੋਨ ਦੇ ਤਹਿਤ 100 ਮੀਟਰ ਦਾ ਘੇਰਾ ਨਿਰਧਾਰਤ ਕੀਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਇਸ ਨੂੰ ਨਵੇਂ ਸਿਰੇ ਤੋਂ ਪ੍ਰਵਾਨਗੀ ਦੇ ਦਿੱਤੀ ਹੈ।

ਅਨੁਸੂਚਿਤ ਜਾਤੀ ਦੇ ਵਕੀਲਾਂ ਦੀ ਨਿਯੁਕਤੀ ਲਈ ਨਵੀਂ ਨੀਤੀ ਨੂੰ ਪ੍ਰਵਾਨਗੀ 

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਵਕੀਲਾਂ ਲਈ ਸਰਕਾਰੀ ਨਿਯੁਕਤੀਆਂ ਵਿੱਚ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਐਡਵੋਕੇਟ ਜਨਰਲ (AG) ਦਫ਼ਤਰ ਵਿੱਚ ਐਸਸੀ ਸ਼੍ਰੇਣੀ ਦੇ ਕਾਨੂੰਨ ਅਧਿਕਾਰੀਆਂ ਦੀ ਭਰਤੀ ਵਿੱਚ ਢਿੱਲ ਅਤੇ ਵਿਸ਼ੇਸ਼ ਪ੍ਰਬੰਧ ਲਾਗੂ ਹੋਣਗੇ। ਇਸ ਨੂੰ ਸਮਾਜਿਕ ਨਿਆਂ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।







 


 




Related Post