Fog And Cold Wave Alert In Punjab : ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਜਾਣੋ ਅੱਜ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਹਰ ਕੋਈ ਸੀਤ ਲਹਿਰ ਨਾਲ ਜੂਝ ਰਿਹਾ ਹੈ।
ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਨੀਵਾਰ ਨੂੰ ਸੂਬੇ ਦਾ ਘੱਟੋ-ਘੱਟ ਤਾਪਮਾਨ ਔਸਤਨ 2.3 ਡਿਗਰੀ ਸੈਲਸੀਅਸ ਘਟ ਗਿਆ। ਸ਼ਹੀਦ ਭਗਤ ਸਿੰਘ ਨਗਰ (ਐਸਬੀਐਸ ਨਗਰ) 4.4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਮੌਸਮ ਵਿਭਾਗ ਅਨੁਸਾਰ, ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਬਹੁਤ ਸੰਘਣੀ ਧੁੰਦ ਦਾ ਪ੍ਰਭਾਵ ਜਾਰੀ ਰਹੇਗਾ, ਜਿਸ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ। ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਰਹਿਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਰਹੇਗੀ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਡਾਣਾਂ ਦਾ ਸੰਚਾਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਚਾਰ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਕਈ ਹੋਰਾਂ ਨੂੰ ਮੋੜ ਦਿੱਤਾ ਗਿਆ ਅਤੇ ਦੇਰੀ ਨਾਲ ਉਡਾਣ ਭਰੀ ਗਈ। ਮੁੰਬਈ ਤੋਂ ਅੰਮ੍ਰਿਤਸਰ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਜੈਪੁਰ ਮੋੜ ਦਿੱਤਾ ਗਿਆ, ਜਦਕਿ ਦੁਬਈ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਦਿੱਲੀ ਮੋੜ ਦਿੱਤਾ ਗਿਆ। ਦਿੱਲੀ, ਸ਼੍ਰੀਨਗਰ, ਬੰਗਲੁਰੂ ਅਤੇ ਹੈਦਰਾਬਾਦ ਸਮੇਤ ਕਈ ਸ਼ਹਿਰਾਂ ਦੀਆਂ ਉਡਾਣਾਂ ਵਿੱਚ ਦੇਰੀ ਹੋਈ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਹੋਈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ, ਮੈਦਾਨੀ ਅਤੇ ਹੇਠਲੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਾਹਨਾਂ ਦੀ ਆਵਾਜਾਈ ਹੌਲੀ ਹੋ ਗਈ ਹੈ। ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ : Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਪੰਜਾਬ ਸਰਕਾਰ ਨੇ ਲਖਵੀਰ ਸਿੰਘ ਨੂੰ ਕੀਤਾ ਸਸਪੈਂਡ