Punjab CM vs SKM: ਸੀਐੱਮ ਮਾਨ ਨੇ ਕਿਸਾਨਾਂ ’ਤੇ ਸਾਧਿਆ ਨਿਸ਼ਾਨਾ, ਕਿਹਾ- ਗੱਲਬਾਤ ਕਰਨ ਲਈ ਮੇਰਾ ਦਫਤਰ ਤੇ ਘਰ ਹੈ ਨਾ ਕੇ ਸੜਕਾਂ

By  Aarti November 22nd 2023 05:14 PM -- Updated: November 22nd 2023 05:53 PM

Punjab CM vs SKM: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। 

ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ-ਸੀਐੱਮ ਮਾਨ 

ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ।

ਧਰਨੇ ਵਾਸਤੇ ਬੰਦੇ ਨਹੀਂ ਲੱਭਣੇ- ਸੀਐੱਮ ਮਾਨ 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਣਾ ਚਾਹੀਦਾ।

'ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ'

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼  ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਸੀਐੱਮ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮੇਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ। 

ਕਿਸਾਨਾਂ ਦਾ ਸੀਐੱਮ ਮਾਨ ਨੂੰ ਅਲਟੀਮੇਟਮ 

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਨਾ ਲਗਾਉਣਾ ਉਨ੍ਹਾਂ ਦਾ ਸ਼ੌਕ ਨਹੀਂ ਹੈ। ਹੁਣ ਆਉਣ ਵਾਲੀ 26 ਨਵੰਬਰ ਨੂੰ ਤੁਹਾਡੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਦੇ ਸਾਰੇ ਭੁਲੇਖੇ ਵੀ ਦੂਰ ਕਰ ਦਿੱਤੇ ਜਾਣਗੇ।  

ਇਹ ਵੀ ਪੜ੍ਹੋ: ਪੰਜਾਬ 'ਚ ਲੇਬਰ ਕੋਲੋਂ ਕੰਮ ਕਰਵਾਉਣ ਦੇ ਘੰਟੇ ਤੈਅ; ਓਵਰਟਾਈਮ ਕਰਵਾਉਣ 'ਤੇ ਦੇਣੀ ਪਵੇਗੀ ਦੁੱਗਣੀ ਤਨਖਾਹ

Related Post