Farmer Chandigarh Morcha : ਕਿਸਾਨਾਂ ਵੱਲੋਂ 4 ਜੁਲਾਈ ਨੂੰ ਕੀਤਾ ਜਾਵੇਗਾ ਚੰਡੀਗੜ੍ਹ ਦਾ ਰੁਖ਼, ਮੋਰਚੇ ਦੀਆਂ ਤਿਆਰੀਆਂ ਕੀਤੀਆਂ ਤੇਜ਼

Farmer Chandigarh Morcha : ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

By  KRISHAN KUMAR SHARMA June 26th 2026 05:47 PM -- Updated: June 26th 2026 06:02 PM

Farmer Chandigarh Morcha : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵੱਡੇ ਮੋਰਚੇ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਝੰਡਾ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਮੋਰਚੇ ਦੀ ਮੁੱਖ ਮੰਗ ਭਾਰਤ ਅਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਇਹ ਸਮਝੌਤਾ ਲਾਗੂ ਹੋ ਜਾਂਦਾ ਹੈ ਤਾਂ ਇਹ ਦੇਸ਼ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ "ਮੌਤ ਦਾ ਵਾਰੰਟ" ਸਾਬਤ ਹੋਵੇਗਾ, ਜਿਸ ਨਾਲ ਖੇਤੀ ਅਤੇ ਪਸ਼ੂ ਪਾਲਣ ਦੇ ਖੇਤਰ ਨੂੰ ਗੰਭੀਰ ਨੁਕਸਾਨ ਪਹੁੰਚੇਗਾ।

ਉਨ੍ਹਾਂ ਦੱਸਿਆ ਕਿ ਮਜੀਠਾ, ਹਰਸ਼ਾ ਛੀਨਾ, ਚੋਗਾਵਾਂ ਅਤੇ ਹੋਰ ਇਲਾਕਿਆਂ ਵਿੱਚ ਝੰਡਾ ਮਾਰਚ ਕੀਤੇ ਜਾ ਰਹੇ ਹਨ ਅਤੇ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੋਰਚੇ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸੈਂਕੜੇ ਕਿਸਾਨ, ਮਜ਼ਦੂਰ, ਮਾਵਾਂ ਅਤੇ ਭੈਣਾਂ ਚੰਡੀਗੜ੍ਹ ਦੀ ਧਰਤੀ 'ਤੇ ਪਹੁੰਚ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ.... Punjab Office Timings: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

ਕਿਸਾਨ ਆਗੂ ਨੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ 'ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕਮੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਕਿ ਆਮ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਰੰਤ ਇੰਧਨ ਦੀਆਂ ਕੀਮਤਾਂ ਘਟਾਈਆਂ ਜਾਣ।

ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਦੇਸ਼ ਵਿੱਚ ਖੇਤੀ ਸੰਕਟ ਲਗਾਤਾਰ ਗਹਿਰਾ ਹੁੰਦਾ ਜਾ ਰਿਹਾ ਹੈ ਅਤੇ ਕਿਸਾਨ ਜ਼ਮੀਨਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਕਿਉਂਕਿ ਫਸਲਾਂ ਦੀ ਲਾਗਤ ਪੂਰੀ ਨਹੀਂ ਹੋ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ MSP ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ ਅਤੇ ਕਿਸਾਨਾਂ ਨੂੰ ਸਸਤਾ ਡੀਜ਼ਲ, ਖਾਦਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਹ ਵੀ ਪੜ੍ਹੋ... 'ਗ੍ਰਿਫ਼ਤਾਰ ਨਿਹੰਗ ਸਿੰਘਾਂ ਦੀ ਹੋਵੇਗੀ ਰਿਹਾਈ...'

Related Post