ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਹਰਸਿਮਰਨ ਸਿੰਘ ਸੰਧੂ ਨੂੰ ਦਿੱਤੀ ਸੁਰੱਖਿਆ, ਹਾਈਕੋਰਟ ਚ ਮੰਨਿਆ-ਸੰਧੂ ਦੀ ਜਾਨ ਨੂੰ ਹੈ ਖਤਰਾ
ਐਡਵੋਕੇਟ ਨਿਖਿਲ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ 'ਚ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਦੀ ਸੁਰੱਖਿਆ ਲਈ 6 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਮਿੱਤਰ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ। ਇਹ ਸੂਚਨਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਮਾਮਲੇ ਦੀ ਸੁਣਵਾਈ ਦੌਰਾਨ ਦਿੱਤੀ।
ਐਡਵੋਕੇਟ ਨਿਖਿਲ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ 'ਚ ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਦੀ ਸੁਰੱਖਿਆ ਲਈ 6 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਹਾਈਕੋਰਟ ਨੂੰ ਇਹ ਵੀ ਦੱਸਿਆ ਕਿ ਸੰਧੂ ਦੀ ਸੁਰੱਖਿਆ ਦਾ ਸਮੇਂ-ਸਮੇਂ 'ਤੇ ਮੁਲਾਂਕਣ ਵੀ ਕੀਤਾ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇਕਰ ਭਵਿੱਖ 'ਚ ਸੰਧੂ ਦੀ ਸੁਰੱਖਿਆ 'ਚ ਕਟੌਤੀ ਕਰਨੀ ਪੈਂਦੀ ਹੈ ਤਾਂ ਉਸ ਤੋਂ ਪਹਿਲਾਂ ਸੰਧੂ ਨੂੰ ਨੋਟਿਸ ਦਿੱਤਾ ਜਾਵੇ।
ਦੱਸ ਦਈਏ ਕਿ ਹਰਸਿਮਰਨ ਸੰਧੂ, ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ ਹਾਈ ਕੋਰਟ ਵਿੱਚ 2022 ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਉਨ੍ਹਾਂ ਸਰਕਾਰ ਕੋਲੋਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।
ਉਨ੍ਹਾਂ ਪਿਛੇ ਜਿਹੇ ਵੀ ਦੋਵਾਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਬਾਰੇ ਕਿਹਾ ਸੀ, ਜਿਸ ਸਬੰਧੀ ਸੰਧੂ ਨੇ ਪਿਛਲੇ ਸਾਲ ਨਵੰਬਰ ਮਹੀਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਸੀ। ਪਰ ਹੁਣ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ 6 ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਅੱਜ ਹਾਈ ਕੋਰਟ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ।