ਪੰਜਾਬ ਸਰਕਾਰ ਸੁਨਾਮ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋੜਾ

By  Pardeep Singh January 17th 2023 06:56 PM

ਸੁਨਾਮ :  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ’ਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ’ਚ ਸਿਹਤ ਸੁਵਿਧਾਵਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਮੁੱਢਲੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਇਸ ਕੰਮ ਦੀ ਗੁਣਵੱਤਾ ਅਤੇ ਕੰਮ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਨਿਗਰਾਨੀ ਕਰਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਲਕੇ ਦੇ ਸਰਕਾਰੀ ਸਕੂਲਾਂ ਅਤੇ ਹੋਰਨਾਂ ਸਿੱਖਿਆ ਸੰਸਥਾਵਾਂ ’ਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰੋੜਾਂ ਰੁਪਏ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰਾਂ ਤੇ ਪਿੰਡਾਂ ਨੂੰ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਜੋ ਹਰ ਹੀਲੇ ਸਹੀ ਢੰਗ ਨਾਲ ਵਰਤੇ ਜਾਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਅਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ. ਸੰਧੂ ਵੀ ਹਾਜ਼ਰ ਸਨ।

Related Post