ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

By  Amritpal Singh March 16th 2024 04:56 PM

ਅੰਮ੍ਰਿਤਸਰ: ਸਾਲ 2015 ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ ’ਚ ਕੀਤੇ ਖੁਲਾਸਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਦੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦੀ ਪੈਰੋਕਾਰ ਹਨੀਪ੍ਰੀਤ ਨੂੰ ਵੀ ਨਾਮਜ਼ਦ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਲਈ ਆਖਿਆ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਹੋਏ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਅਦਾਲਤ ’ਚ ਦਰਜ ਕਰਵਾਏ ਬਿਆਨਾਂ ਨਾਲ ਇਹ ਬਿਲਕੁਲ ਸਪੱਸ਼ਟ ਹੁੰਦਾ ਹੈ ਕਿ ਇਸ ਸਮੁੱਚੇ ਸਿੱਖ ਵਿਰੋਧੀ ਵਰਤਾਰੇ ਪਿੱਛੇ ਡੇਰਾ ਸਿਰਸਾ ਮੁਖੀ ਦਾ ਹੱਥ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸੂਬੇ ਦੀਆਂ ਸਰਕਾਰਾਂ ਨੇ ਇਸ ਸੰਜੀਦਾ ਮਾਮਲੇ ’ਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਜਗ੍ਹਾ ਕੇਵਲ ਸਿਆਸਤ ਹੀ ਕੀਤੀ ਹੈ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਹੁਣ ਜਦੋਂ ਪ੍ਰਦੀਪ ਕਲੇਰ ਦੇ ਬਿਆਨਾਂ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦਾ ਨਾਂ ਸਪੱਸ਼ਟ ਤੌਰ ’ਤੇ ਸਾਹਮਣੇ ਆਇਆ ਹੈ ਤਾਂ ਸਰਕਾਰ ਨੂੰ ਦੋਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਜਾਂਚ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖਾਂ ਨੂੰ ਇਨਸਾਫ਼ ਮਿਲ ਸਕੇ।

ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਹ ਵੀ ਆਖਿਆ ਕਿ ਕਿਉਂਕਿ ਗ੍ਰਿਫ਼ਤਾਰ ਦੋਸ਼ੀ ਪ੍ਰਦੀਪ ਕਲੇਰ ਡੇਰਾ ਸਿਰਸਾ ਦੇ ਸਿਆਸੀ ਵਿੰਗ ਦਾ ਆਗੂ ਰਿਹਾ ਹੈ, ਇਸ ਲਈ ਉਸ ਪਾਸੋਂ ਸਾਲ 2017 ਵਿਚ ਹੋਏ ਮੌੜ ਬੰਬ ਧਮਾਕੇ ਦੇ ਮਾਮਲੇ ਵਿਚ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿਚ 5 ਬੱਚਿਆਂ ਸਮੇਤ 7 ਮਾਸੂਮ ਲੋਕਾਂ ਦੀ ਜਾਨ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਡੇਰਾ ਸਿਰਸਾ ਦੇ ਹੱਥ ਹੋਣ ਸਬੰਧੀ ਕਈ ਅਹਿਮ ਸਬੂਤ ਪਹਿਲਾਂ ਸਾਹਮਣੇ ਆ ਚੁੱਕੇ ਹਨ।

Related Post