Punjab News : ਪੰਜਾਬ ਚ ਹੜ੍ਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਜਾਰੀ ਕੀਤਾ ਹਾਈ ਅਲਰਟ, ਲੋਕਾਂ ਨੂੰ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ
Punjab Health Department Issue High Alert : ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ।
Punjab Health Department Issue High Alert : ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (IMA), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ।
ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।"
ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਕੋਈ ਵੀ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤਾ ਕੀਤੀ ਕਿ ਸਾਰੀਆਂ ਸਿਹਤ ਸੰਸਥਾਵਾਂ ਮਰੀਜ਼ਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਲੈਸ ਹੋਣ ਅਤੇ ਢੁੱਕਵੇਂ ਸਟਾਕ ਉਪਲੱਬਧ ਰੱਖੇ ਜਾਣ।
ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਨੂੰ ਲੱਭਣ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਮਿਸ਼ਨ ਸ਼ੁਰੂ ਕੀਤਾ ਗਿਆ ਹੈ। ਇਸ ਟੀਚਾਗਤ ਪਹਿਲ ਦੇ ਜੀਵਨ ਬਚਾਉਣ ਵਾਲੇ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਟੀਮਾਂ ਵੱਲੋਂ ਅਜਿਹੀਆਂ ਛੇ ਔਰਤਾਂ ਨੂੰ ਸਫਲਤਾਪੂਰਵਕ ਬਚਾਇਆ ਗਿਆ ਹੈ ਅਤੇ ਉਹਨਾਂ ਸਾਰੀਆਂ ਔਰਤਾਂ ਨੇ ਸਰਕਾਰੀ ਸਹੂਲਤਾਂ ਵਿੱਚ ਸਿਹਤਮੰਦ ਬੱਚਿਆਂ ਨੂੰ ਜਨਮ ਦਿੱਤਾ ਹੈ।
ਉਨ੍ਹਾਂ ਨੇ ਇਸ ਸੰਕਟ ਨਾਲ ਨਜਿੱਠਣ ਲਈ ਵਿਆਪਕ ਪੱਧਰ ‘ਤੇ ਸਿਹਤ ਸੰਭਾਲ ਸਰੋਤਾਂ ਨੂੰ ਲਾਮਬੰਦ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਵੱਲੋਂ 360 ਮੋਬਾਈਲ ਮੈਡੀਕਲ ਟੀਮਾਂ ਅਤੇ 458 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਹੈ, ਜੋ ਪ੍ਰਭਾਵਿਤ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਹੜ੍ਹ ਰਾਹਤ ਲਈ ਕੁੱਲ 172 ਐਂਬੂਲੈਂਸਾਂ ਦਿਨ-ਰਾਤ ਤਾਇਨਾਤ ਰੱਖੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ, "ਸਾਡੀਆਂ ਟੀਮਾਂ ਜੰਗੀ ਪੱਧਰ 'ਤੇ ਕੰਮ ਕਰ ਰਹੀਆਂ ਹਨ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੂਬਾ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਡਾਕਟਰੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।"
ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਪੀਣ ਵਾਲੇ ਪਾਣੀ ਲਈ ਕਲੋਰੀਨ ਦੀਆਂ ਗੋਲੀਆਂ ਵੰਡਣ ਅਤੇ ਘਰ-ਘਰ ਜਾ ਕੇ ਇਹ ਯਕੀਨੀ ਬਣਾਉਣ ਲਈ ਕਿਹਾ ਹਰ ਘਰ ਵਿੱਚ ਪੀਣ ਵਾਲੇ ਸੁਰੱਖਿਅਤ ਪਾਣੀ ਦੀ ਪਹੁੰਚ ਹੋਵੇ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਈਐਮਏ, ਰੈੱਡ ਕਰਾਸ, ਕੈਮਿਸਟ ਐਸੋਸੀਏਸ਼ਨ ਅਤੇ ਐਨਜੀਓਜ਼ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਵਿਭਾਗ ਦੀਆਂ ਪਹਿਲਕਦਮੀਆਂ ਦੀ ਜ਼ਮੀਨੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ, "ਸਾਡੀਆਂ ਟੀਮਾਂ ਜ਼ਮੀਨੀ ਪੱਧਰ 'ਤੇ ਕੰਮ ਰਹੀਆਂ ਹਨ, ਇਲਾਜ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ ਅਤੇ ਜ਼ਰੂਰੀ ਸਮੱਗਰੀ ਦੀ ਵੰਡ ਕਰ ਰਹੀਆਂ ਹਨ। ਪ੍ਰਭਾਵਿਤ ਖੇਤਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਇੱਕ ਕੈਂਪ ਦਿਨ-ਰਾਤ ਕਾਰਜਸ਼ੀਲ ਹੈ। ਵੈਕਟਰ ਬੋਰਨ ਬਿਮਾਰੀਆਂ ਨੂੰ ਰੋਕਣ ਲਈ ਸਪਰੇਅ ਅਤੇ ਫੌਗਿੰਗ ਵੀ ਕੀਤੀ ਜਾ ਰਹੀ ਹੈ।"