CM ਮਾਨ ਦੇ ਹਲਕੇ ਧੂਰੀ ਚ ਗਰਜੇ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ, ਬੋਲੇ - AAP ਸਰਕਾਰ ਨੇ ਹੱਕਾਂ ਤੇ ਮਾਰਿਆ ਡਾਕਾ

Sangrur News : 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਸਥਾਨਕ ਅਨਾਜ ਮੰਡੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਗਿਆ।

By  KRISHAN KUMAR SHARMA November 16th 2025 07:25 PM -- Updated: November 16th 2025 07:27 PM

Punjab mulazam and pensioners sanjha front : ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਸਥਾਨਕ ਅਨਾਜ ਮੰਡੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਵੱਲ ਰੋਸ ਮਾਰਚ ਕੀਤਾ ਗਿਆ।

ਇਸ ਮੌਕੇ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਧਨਵੰਤ ਸਿੰਘ ਭੱਠਲ, ਰਣਜੀਤ ਸਿੰਘ ਰਾਣਵਾਂ, ਭਜਨ ਸਿੰਘ ਗਿੱਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਗਗਨਦੀਪ ਬਠਿੰਡਾ, ਸੁਖਦੇਵ ਸਿੰਘ ਸੈਣੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਸਰਬਜੀਤ ਸਿੰਘ ਭਾਣਾ, ਸਤਨਾਮ ਸਿੰਘ ਰੰਧਾਵਾ, ਜਗਦੀਸ਼ ਚਾਹਲ, ਜਸਵੀਰ ਸਿੰਘ ਤਲਵਾੜਾ, ਰਾਧੇ ਸ਼ਿਆਮ, ਰਾਜ ਕੁਮਾਰ ਅਰੋੜਾ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਦਿੰਦਿਆਂ ਉਨ੍ਹਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ।

ਉਹਨਾਂ ਕਿਹਾ ਕਿ ਪੈਨਸ਼ਨਰਾਂ ਉੱਤੇ 2.59 ਦਾ ਗੁਣਾਕ ਲਾਗੂ ਕਰਨ, ਆਪਣੀ ਹੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੇਣ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ, ਆਊਟਸੋਰਸ, ਇਨਲਿਸਟਡ ਅਤੇ ਵੱਖ-ਵੱਖ ਸੁੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ 'ਤੇ ਬਾਰਡਰ ਏਰੀਆ ਸਮੇਤ ਕੱਟੇ ਗਏ ਸਾਰੇ ਭੱਤੇ ਅਤੇ ਏ.ਸੀ.ਪੀ. ਬਹਾਲ ਕਰਨ, ਖਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਅਤੇ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਜਾਰੀ ਕਰਨ, ਜਜ਼ੀਆ ਰੂਪੀ 200 ਰੁਪਏ ਵਿਕਾਸ ਟੈਕਸ ਬੰਦ ਕਰਨ ਸਮੇਤ ਸਾਂਝੇ ਫਰੰਟ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਤੋਂ ਲਗਭਗ ਇਨਕਾਰੀ ਹੋ ਚੁੱਕੀ ਹੈ, ਜਦੋਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨੂੰ ਅਨੇਕਾਂ ਕਿਸਮ ਦੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ।

ਸਾਂਝੇ ਫਰੰਟ ਦੇ ਆਗੂਆਂ ਅਵਿਨਾਸ਼ ਚੰਦਰ ਸ਼ਰਮਾਂ, ਹਰਦੀਪ ਟੋਡਰਪੁਰ, ਬਲਵੀਰ ਸਿੰਘ ਪੁਆਰ,  ਸੁਰਿੰਦਰ ਪੁਆਰੀ, ਐਨ.ਡੀ. ਤਿਵਾੜੀ, ਸੁਖਦੇਵ ਸਿੰਘ ਚੰਗਾਲੀਵਾਲਾ, ਕੁਲਵਰਨ ਸਿੰਘ, ਰਾਮ ਸਰੂਪ ਢੈਪਈ, ਅਵਤਾਰ ਸਿੰਘ ਢਢੋਗਲ, ਕਰਮਜੀਤ ਬੀਹਲਾ, ਦਵਿੰਦਰ ਪਿਸ਼ੋਰ, ਬੋਬਿੰਦਰ ਸਿੰਘ, ਦਰਸ਼ਨ ਸਿੰਘ ਸੰਗਰੂਰ, ਕੁਲਵਿੰਦਰ ਸਿੰਘ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਜਾਂਦੀ ਤਾਂ ਦਸੰਬਰ ਮਹੀਨੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

Related Post