Faridkot : ਸਰਹੱਦ ਪਾਰੋਂ ਨਸ਼ਾ ਤਸਕਰੀ ਦਾ ਪਰਦਾਫਾਸ਼, 47 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ 4 ਤਸਕਰ ਗ੍ਰਿਫ਼ਤਾਰ
Faridkot Drug Smuggling : ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ, ਫਿਰੋਜ਼ਪੁਰ, ਮੰਗਲ ਸਿੰਘ ਵਾਸੀ ਪੰਜੇ ਕੇ ਉੱਤਾਰ, ਫਿਰੋਜ਼ਪੁਰ, ਸਚਿਨ ਉਰਫ਼ ਸੰਜੂ ਵਾਸੀ ਪਰਭਾਤ ਸਿੰਘ ਵਾਲਾ, ਫਿਰੋਜ਼ਪੁਰ, ਅਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।
Faridkot Drug Smuggling : ਫਰੀਦਕੋਟ ਪੁਲਿਸ (Faridkot Police) ਨੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ (Heroin Supply) ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 47.3 ਕਿਲੋਗ੍ਰਾਮ ਹੈਰੋਇਨ, .30 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ, ਫਿਰੋਜ਼ਪੁਰ, ਮੰਗਲ ਸਿੰਘ ਵਾਸੀ ਪੰਜੇ ਕੇ ਉੱਤਾਰ, ਫਿਰੋਜ਼ਪੁਰ, ਸਚਿਨ ਉਰਫ਼ ਸੰਜੂ ਵਾਸੀ ਪਰਭਾਤ ਸਿੰਘ ਵਾਲਾ, ਫਿਰੋਜ਼ਪੁਰ, ਅਤੇ ਅਨਮੋਲ ਸਿੰਘ ਵਾਸੀ ਲਾਮੋਚੜ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।
ਹੈਰੋਇਨ ਤੋਂ ਇਲਾਵਾ ਦੋ ਗੱਡੀਆਂ ਵੀ ਬਰਾਮਦ
ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਵਾਰਦਾਤਾਂ ਵਿੱਚ ਵਰਤੀਆਂ ਜਾ ਰਹੀਆਂ ਦੋ ਗੱਡੀਆਂ ਹੌਂਡਾ ਸਿਟੀ ਅਤੇ ਹੁੰਡਈ ਔਰਾ ਵੀ ਕਬਜ਼ੇ ਵਿੱਚ ਲੈ ਲਈਆਂ ਹਨ।
ਪੈਟਰੋਲ ਤੇ ਡੀਜ਼ਲ ਭਰਵਾਉਣ ਵਾਲੇ ਸਾਵਧਾਨ ! ਬੰਦ ਹੋਵੇਗੀ ਇਹ ਸਹੂਲਤ...ਪੜ੍ਹੋ ਪੂਰੀ ਖ਼ਬਰ
SSP ਗੁਰਬੰਸ ਸਿੰਘ ਬੈੰਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਦੀ ਸਰਹੱਦ ਪਾਰੋਂ ਸੂਬੇ ਵਿੱਚ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੇ ਫਾਰਵਰਡ ਅਤੇ ਬੈਕਵਰਡ ਲਿੰਕੇਜ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਬਾਬਾ ਫਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ ਦੌਰਾਨ, ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਸੀਆਈਏ ਫਰੀਦਕੋਟ ਦੀ ਟੀਮ ਨੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ।
ਪੁਲਿਸ ਟੀਮ ਨੇ ਕਾਰ ਵਿੱਚ ਸਵਾਰ ਚਾਰੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 47.3 ਕਿਲੋਗ੍ਰਾਮ ਹੈਰੋਇਨ, ਨਾਜਾਇਜ਼ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ।
ਫਿਰੋਜ਼ਪੁਰ ਤੇ ਫਾਜ਼ਿਲਕਾ 'ਚ ਡਰੋਨ ਰਾਹੀਂ ਪ੍ਰਾਪਤ ਕੀਤੀਆਂ ਜਾਂਦੀਆਂ ਸਨ ਖੇਪਾਂ
ਐੱਸਐੱਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗੇ ਸਪਲਾਈ ਕਰਦਾ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐੱਫਆਈਆਰ ਨੰਬਰ 187 ਮਿਤੀ 20-09-2026, ਧਾਰਾ 21(c) ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਥਾਣਾ ਸਾਦਿਕ, ਜ਼ਿਲ੍ਹਾ ਫਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ...
ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਸਿੰਘ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਕੀਤਾ ਖ਼ਾਰਜ