PTC News
Search
🔍 Search

ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਵੱਲੋਂ ਲਗਾਤਾਰ ਦੂਜੇ ਦਿਨ ਵੀ ਹੜਤਾਲ ਜਾਰੀ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਲਕੇ ਵਿਧਾਨ ਸਭਾ ਤੇ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ

By  Jaswinder Kaur October 22nd 2026 03:28 PM

Punjab Buses Strike :  ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਲਗਾਤਾਰ ਦੂਜੇ ਦਿਨ ਵੀ ਟਰਾਂਸਪੋਰਟ ਵਿਭਾਗ ਦੇ ਕੰਟਰੈਕਟ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੀ। ਇਸ ਮੌਕੇ ਮੁਲਾਜ਼ਮ ਜੱਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਕੇ ਰੋਸ ਪ੍ਰਗਟਾਇਆ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਪੰਜਾਬ ਸਰਕਾਰ ’ਤੇ ਭਰੋਸਾ ਕਰਨ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। 

ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਦੌਰਾਨ ਸਰਕਾਰ ਨਾਲ ਮੰਗਾਂ ਸਬੰਧੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ, ਪਰ ਅਮਲੀ ਤੌਰ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ : 

ਮੁੱਖ ਮੰਤਰੀ ’ਤੇ ਸਦਨ ਨੂੰ ਗੁੰਮਰਾਹ ਕਰਨ ਦਾ ਦੋਸ਼, ਪਰਗਟ ਸਿੰਘ ਨੇ ਭੇਜਿਆ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

ਯੂਨੀਅਨ ਆਗੂ ਜਗਰਾਜ ਸਿੰਘ ਨੇ ਕਿਹਾ ਕਿ ਪਿਛਲੇ ਲਗਭਗ 4 ਸਾਲਾਂ ਵਿੱਚ ਸਰਕਾਰ ਨਾਲ ਕਰੀਬ 60 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹਰ ਵਾਰ ਭਰੋਸਾ ਦੇ ਕੇ ਮਸਲੇ ਨੂੰ ਟਾਲ ਦਿੱਤਾ ਜਾਂਦਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਜ਼ ਤਹਿਤ ਪੱਕਾ ਕੀਤਾ ਜਾਵੇ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਸਬੰਧੀ ਸਰਕਾਰ ਦੇ 2026 ਦੇ ਐਕਟ ਨੂੰ ਲਾਗੂ ਕੀਤਾ ਜਾਵੇ ਅਤੇ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਵਿਰੋਧ ਦੌਰਾਨ ਦਰਜ ਕੀਤੇ ਗਏ ਕਥਿਤ ਪਰਚੇ ਰੱਦ ਕੀਤੇ ਜਾਣ।

ਇਸ ਮੌਕੇ ਯੂਨੀਅਨ ਦੇ ਅੰਮ੍ਰਿਤਸਰ ਵਨ ਡਿਪੂ ਦੇ ਪ੍ਰਧਾਨ ਹੀਰਾ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੋਈ ਠੋਸ ਫੈਸਲਾ ਨਾ ਹੋਇਆ ਤਾਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਅਤੇ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। 

ਇਸੇ ਦੌਰਾਨ ਯੂਨੀਅਨ ਦੇ ਸੂਬਾ ਖਜ਼ਾਨਚੀ ਬਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਵਿਧਾਨ ਸਭਾ ਵਿੱਚ ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਗਈ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਕੁਝ ਮਹੀਨੇ ਬਾਕੀ ਰਹਿਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਵਿੱਤ ਮੰਤਰੀ ਨਾਲ ਮੀਟਿੰਗਾਂ ਦੌਰਾਨ ਸੀ.ਐੱਸ.ਆਰ. (CSR) ਨਿਯਮਾਂ ਤਹਿਤ ਰੈਗੂਲਰ ਕਰਨ ਅਤੇ ਪਰਚੇ ਰੱਦ ਕਰਨ ਬਾਰੇ ਸਹਿਮਤੀ ਬਣੀ ਸੀ, ਪਰ ਅਜੇ ਤੱਕ ਇਸ ’ਤੇ ਅਮਲ ਨਹੀਂ ਹੋਇਆ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਅਤੇ ਨਾਜਾਇਜ਼ ਪਰਚੇ ਰੱਦ ਕਰਨ ਸਮੇਤ ਮੁੱਖ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਦੌਰਾਨ ਬਠਿੰਡਾ ਵਿਚ ਵੀ ਪੀਆਰਟੀਸੀ ਤੇ ਪਨਬਸ ਦੇ ਕੱਚੇ ਕਾਮਿਆਂ ਦਾ ਅਣਮਿਥੇ ਸਮੇਂ ਦਾ ਧਰਨਾ ਜਾਰੀ ਰਿਹਾ। ਮੁਲਾਜ਼ਮਾਂ ਨੇ ਕਿਹਾ ਕਿ 23 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ 21 ਅਕਤੂਬਰ ਤੋਂ ਅਣਮਿਥੇ ਸਮੇਂ ਦੇ ਲਈ ਇਹ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਭਲਕੇ ਯਾਨੀ 23 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦਾ ਘੇਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਵੱਲੋਂ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ। 


Related Post