ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਕੀਤਾ ਜਾਵੇ ਪਾਸ : ਜਥੇਦਾਰ ਕੁਲਦੀਪ ਸਿੰਘ ਗੜਗੱਜ

Jathedar Kuldeep Singh Gargajj : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਸੱਦਣ ਦਾ ਤਾਂ ਹੀ ਫਾਇਦਾ ਹੈ, ਜੇਕਰ ਸਿੱਖ ਪੰਥ ਨਾਲ ਜੁੜੇ ਸੰਜੀਦਾ ਮਸਲੇ ਇਥੇ ਵਿਚਾਰੇ ਜਾਣਗੇ।

By  KRISHAN KUMAR SHARMA November 16th 2025 04:56 PM -- Updated: November 16th 2025 04:59 PM

ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ) : ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab Vidhan Sabha Session) ਦੌਰਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ (Bandi Singhs Release) ਦੇ ਹੱਕ ਵਿੱਚ ਮਤਾ ਪਾਸ ਕਰੇ ਤੇ ਇਸਤੋਂ ਇਲਾਵਾ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਸਿੱਖਾਂ ਦੀਆਂ ਹੋਰ ਮੰਗਾਂ ਬਾਰੇ ਵੀ ਆਵਾਜ਼ ਬੁਲੰਦ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਦੇ ਸਾਰੇ ਸਮਾਗਮਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਜਰੂਰ ਕੀਤੀ ਜਾਣੀ ਚਾਹੀਦੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਸੱਦਣ ਦਾ ਤਾਂ ਹੀ ਫਾਇਦਾ ਹੈ. ਜੇਕਰ ਸਿੱਖ ਪੰਥ ਨਾਲ ਜੁੜੇ ਸੰਜੀਦਾ ਮਸਲੇ ਇਥੇ ਵਿਚਾਰੇ ਜਾਣਗੇ। ਉਨ੍ਹਾਂ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ 23 ਨਵੰਬਰ ਤੋਂ ਲੈ ਕੇ 29 ਨਵੰਬਰ ਤੱਕ ਸਮੁੱਚਾ ਖਾਲਸਾ ਪੰਥ ਆਪਣੇ ਘਰਾਂ ਤੇ ਖਾਲਸਾਈ ਨਿਸ਼ਾਨ ਝੁਲਾਏ, ਉਹਨਾਂ ਆਖਿਆ ਕਿ ਇਹ ਝੂਲਦੇ ਖਾਲਸਾਈ ਨਿਸ਼ਾਨ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਹੋਵੇਗਾ।

ਇਸ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਨੂੰ ਆਪਣੇ ਅਧਿਕਾਰ ਖੇਤਰ ਦੇ ਕੰਮ ਹੀ ਕਰਨੇ ਚਾਹੀਦੇ ਹਨ ਤੇ ਧਾਰਮਿਕ ਕੰਮਾਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੂੰ ਕੋਈ ਵੀ ਯਾਦ ਕਰ ਸਕਦਾ ਹੈ ਪ੍ਰੰਤੂ ਰਾਜਨੀਤਿਕ ਪਾਰਟੀਆਂ ਨੂੰ ਵੱਖਰੇ ਪ੍ਰੋਗਰਾਮ ਕਰਵਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਕਾਰਜ ਕਰਦੀ ਹੈ ਤੇ ਸਾਰਿਆਂ ਨੂੰ ਉਹਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਤਾਬਦੀ ਮੌਕੇ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਮੈਡੀਕਲ ਕਾਲਜ ਖੋਲ੍ਹ ਕੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਪ੍ਰਿੰਸੀਪਲ ਜਸਬੀਰ ਸਿੰਘ ਅਤੇ ਜਥੇਦਾਰ ਸੁਰਿੰਦਰ ਸਿੰਘ ਮਟੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Related Post