Batala News : ਦੁਬਈ ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਡਾ. ਓਬਰਾਏ ਦੇ ਯਤਨਾਂ ਸਦਕਾ ਭਾਰਤ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ

Punjabi Youth Died in Dubai : ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗੁਰਦਾਸਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਰਣਜੀਤ ਦੀ ਪਤਨੀ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

By  KRISHAN KUMAR SHARMA July 18th 2025 10:37 AM -- Updated: July 18th 2025 10:38 AM

Punjabi Youth Died in Dubai : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਰਣਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 4 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 4 ਜੁਲਾਈ ਨੂੰ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਰਣਜੀਤ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਡਾ.ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗੁਰਦਾਸਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਰਣਜੀਤ ਦੀ ਪਤਨੀ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 418 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜੂਦ ਮ੍ਰਿਤਕ ਦੇ ਸਾਲਾ ਸੰਤੋਖ ਸਿੰਘ ਤੇ ਗੁਰਪ੍ਰੀਤ ਸਿੰਘ, ਭਰਾ ਮਨਵਿੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

Related Post