ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਉਠਾਈ ਮੰਗ

By  Ravinder Singh December 20th 2022 12:34 PM -- Updated: December 20th 2022 12:39 PM

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੇਅਦਬੀ ਖ਼ਿਲਾਫ਼ ਵੱਡਾ ਕਦਮ ਚੁੱਕਿਆ ਹੈ।  ਰਾਘਵ ਚੱਢਾ ਨੇ ਬੇਅਦਬੀ ਨਾਲ ਸਬੰਧਤ ਆਈਪੀਸੀ ਧਾਰਾ ਵਿੱਚ ਸੋਧ ਕਰਨ ਦੀ ਮੰਗ ਕੀਤੀ ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਇਸਨੂੰ ਸਖ਼ਤ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਜਾਵੇ।



ਰਾਘਵ ਚੱਢਾ ਨੇ ਰਾਜ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਰਾਜ ਸਭਾ ਵਿੱਚ ਕੰਮਕਾਜ ਦੀ ਪ੍ਰਕਿਰਿਆ ਤੇ ਸੰਚਾਲਨ ਨਾਲ ਸਬੰਧਤ ਨਿਯਮ 267 ਤਹਿਤ ਰਾਜ ਸਭਾ ਵਿੱਚ ਸੂਚੀਬੱਧ ਕੰਮਕਾਜ ਨੂੰ ਮੁਅੱਤਲ ਕਰਨ ਲਈ ਸਦਨ ਵਿੱਚ ਨੋਟਿਸ ਦਿੱਤਾ।  ਸਪੀਕਰ ਨੂੰ ਦਿੱਤੇ ਆਪਣੇ ਲਿਖਤੀ ਨੋਟਿਸ ਵਿੱਚ ਚੱਢਾ ਨੇ ਕਿਹਾ ਕਿ ਇਸ ਸਦਨ ਨੂੰ ਨਿਯਮ 29 ਅਧੀਨ ਸੂਚੀਬੱਧ ਕੰਮਕਾਜ ਨੂੰ ਮੁਅੱਤਲ ਕਰਨਾ ਚਾਹੀਦਾ ਹੈ ਤੇ ਬੇਅਦਬੀ ਦੇ ਵੱਧ ਰਹੇ ਮਾਮਲਿਆਂ 'ਤੇ ਚਰਚਾ ਕਰਨੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਹੋਰ ਕੁਝ ਨਹੀਂ ਹੈ, ਅਸੀਂ ਸੀਸ ਕਟਵਾ ਸਕਦੇ ਹਾਂ ਪਰ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ। ਰਾਘਵ ਚੱਢਾ ਨੇ ਮੁਲਤਵੀ ਨੋਟਿਸ 'ਚ ਲਿਖਿਆ, "ਇਹ ਅਜਿਹਾ ਮੁੱਦਾ ਹੈ, ਜਿਸ ਕਾਰਨ ਦੁਨੀਆ ਭਰ 'ਚ ਵਸਦੇ ਪੰਜਾਬੀਆਂ 'ਚ ਗੁੱਸਾ ਹੈ। ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਗੁਰੂ ਸਾਹਿਬਾਨ ਤੇ ਬਾਣੀ ਦੀ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ।"

ਇਹ ਵੀ ਪੜ੍ਹੋ : ਰਾਜਪੁਰਾ ਪੱਤਰਕਾਰ ਖ਼ੁਦਕੁਸ਼ੀ ਮਾਮਲਾ : ਸਾਬਕਾ ਵਿਧਾਇਕ ਹਰਦਿਆਲ ਕੰਬੋਜ਼ ਨੇ ਲਗਾਈ ਅਗਾਊਂ ਜ਼ਮਾਨਤ

ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਸਾਲਾਂ 'ਚ ਪੰਜਾਬ ਵਿੱਚ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਲੁਧਿਆਣਾ ਵਿੱਚ ਪਵਿੱਤਰ ਸ਼੍ਰੀਮਦ ਭਾਗਵਤ ਗੀਤਾ ਦੀ ਬੇਅਦਬੀ ਹੋਈ। ਪਵਿੱਤਰ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਇਹ ਵੀ ਪੜੋ: ਤਾਜ ਮਹਿਲ ਤੋਂ 1 ਕਰੋੜ ਦੀ ਵਸੂਲੀ ਜਾਂ ਕੁਰਕੀ ਦੀ ਚਿਤਾਵਨੀ, ਆਗਰਾ ਨਿਗਮ ਵੱਲੋਂ ਨੋਟਿਸ ਜਾਰੀ

ਰਾਘਵ ਚੱਢਾ ਨੇ ਲਿਖਿਆ ਕਿ ਪੰਜਾਬ ਹਮੇਸ਼ਾ ਹੀ ਦੁਨੀਆ ਦੇ ਸਾਹਮਣੇ ਭਾਈਚਾਰੇ ਤੇ ਏਕਤਾ ਦੀ ਮਿਸਾਲ ਪੇਸ਼ ਕਰਦਾ ਰਿਹਾ ਹੈ। ਇਸ ਲਈ ਮੈਂ ਸਦਨ ਤੋਂ ਮੰਗ ਕਰਦਾ ਹਾਂ ਕਿ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਕਸਦ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਨਾਲ ਸਬੰਧਤ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ ਜਾਵੇ।

Related Post