PTC News
Search
🔍 Search

Patiala ਨਗਰ ਨਿਗਮ ਦੇ 28 ਵਾਰਡਾਂ ਚ ਮੁੜ ਹੋਣਗੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ

SC ਦੇ ਹੁਕਮਾਂ ਮਗਰੋਂ ਪੰਜਾਬ ਚੋਣ ਕਮਿਸ਼ਨ ਨੇ ਤੇਜ਼ ਕੀਤੀ ਪ੍ਰਕਿਰਿਆ

By  Jaswinder Kaur October 27th 2026 02:57 PM -- Updated: October 27th 2026 03:31 PM

Re-elections to be held in 28 wards of Patiala :  ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18 ਨਵੰਬਰ ਤੱਕ ਮੁਕੰਮਲ ਕੀਤੀਆਂ ਜਾਣਗੀਆਂ। ਪਟਿਆਲਾ ਨਗਰ ਨਿਗਮ ਦੀਆਂ ਸਾਲ 2024 ਵਿੱਚ ਹੋਈਆਂ ਚੋਣਾਂ ਦੌਰਾਨ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਹੁਣ ਮੁੜ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਸੁਪਰੀਮ ਕੋਰਟ ਵੱਲੋਂ ਨਗਰ ਨਿਗਮ ਦੇ 28 ਵਾਰਡਾਂ ਵਿੱਚ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੇ ਹੁਕਮਾਂ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ 18 ਨਵੰਬਰ ਤੱਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੀ ਸਮਾਂ-ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸਬੰਧਤ ਵਾਰਡਾਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਕਈ ਵਾਰਡਾਂ ਵਿੱਚ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ, ਉਨ੍ਹਾਂ ਦੇ ਨਾਮਜ਼ਦਗੀ ਪੱਤਰ ਖੋਹਣ ਜਾਂ ਪਾੜਨ ਅਤੇ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਧਿਕਾਰ ਤੋਂ ਵਾਂਝਾ ਕਰਨ ਵਰਗੀਆਂ ਗੰਭੀਰ ਬੇਨਿਯਮੀਆਂ ਹੋਈਆਂ ਸਨ। ਇਨ੍ਹਾਂ ਬੇਨਿਯਮੀਆਂ ਦੇ ਮੱਦੇਨਜ਼ਰ 28 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ।ਇਹ ਵੀ ਪੜ੍ਹੋ : 

SIR 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ, ਪਟੀਸ਼ਨਕਰਤਾਵਾਂ ਨੂੰ ਜਵਾਬ ਦੇਣ ਲਈ ਮਿਲਿਆ ਸਮਾਂ

ਨੋਟੀਫਿਕੇਸ਼ਨ ਵਿੱਚ ਸ਼ਾਮਲ ਵਾਰਡਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਵਾਰਡ ਨੰਬਰ 4, 6, 12, 14, 16, 28, 32, 34, 36, 38, 40, 44, 46, 48 ਅਤੇ 50, 22, 33, 37, 41, 43, 51, 53, 55 ਅਤੇ 57, 26 ਅਤੇ 52, ਵਾਰਡ ਨੰਬਰ 1 ਅਤੇ 45 ਵਿਚ ਮੁੜ ਚੋਣ ਹੋਵੇਗੀ।ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਹੁੰਦੇ ਹੀ ਚੋਣ ਅਮਲ ਨੂੰ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਸੁਪਰੀਮ ਕੋਰਟ ਨੇ ਮੁੜ ਚੋਣਾਂ ਦੀ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਨਿਆਂਇਕ ਨਿਗਰਾਨੀ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਤਹਿਤ ਨਾਮਜ਼ਦਗੀ ਪੱਤਰ ਦਾਖ਼ਲ ਕਰਨ, ਉਨ੍ਹਾਂ ਦੀ ਜਾਂਚ ਕਰਨ, ਚੋਣ ਨਿਸ਼ਾਨ ਅਲਾਟ ਕਰਨ ਅਤੇ ਵੋਟਿੰਗ ਵਰਗੀਆਂ ਅਹਿਮ ਪ੍ਰਕਿਰਿਆਵਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਸਬੰਧੀ ਸ਼ਿਕਾਇਤ ਮਿਲਣ 'ਤੇ ਉਸ ਦੀ ਜਾਂਚ ਕੀਤੀ ਜਾ ਸਕੇ।

ਚੋਣ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਨਵੰਬਰ ਤੱਕ ਚੋਣ ਪ੍ਰਕਿਰਿਆ ਪੂਰੀ ਕਰਨ ਦੀ ਸਮਾਂ-ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੋਧ ਸਮੇਤ ਹੋਰ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਪੈਣਗੀਆਂ।

ਇਸ ਪੂਰੀ ਪ੍ਰਕਿਰਿਆ 'ਤੇ ਸਿਆਸੀ ਪਾਰਟੀਆਂ ਅਤੇ ਸਥਾਨਕ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੁੜ ਚੋਣਾਂ ਕਰਵਾਉਣ ਦਾ ਮੁੱਖ ਮਕਸਦ ਉਨ੍ਹਾਂ 28 ਵਾਰਡਾਂ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਯਕੀਨੀ ਬਣਾਉਣਾ ਹੈ, ਜਿੱਥੇ ਪਿਛਲੀ ਚੋਣ ਪ੍ਰਕਿਰਿਆ ਦੌਰਾਨ ਬੇਨਿਯਮੀਆਂ ਹੋਣ ਦੀ ਗੱਲ ਸਾਹਮਣੇ ਆਈ ਸੀ।


Related Post