ਬਰਖਾਸਤ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ; ਡਰੱਗ ਮਾਮਲੇ 'ਚ ਮਿਲੀ ਅਗਾਊਂ ਜ਼ਮਾਨਤ

By  Jasmeet Singh October 6th 2023 11:45 AM

ਨਵੀਂ ਦਿੱਲੀ: ਡਰੱਗ ਰੈਕੇਟ ਮਾਮਲੇ 'ਚ ਬਰਖਾਸਤ ਸਾਬਕਾ SSP ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਨੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਸਤ ਦੇ ਮਹੀਨੇ ਬਰਖਾਸਤ SSP ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਦੱਸ ਦਈਏ ਕਿ ਹਾਈ ਕੋਰਟ ਵੱਲੋਂ ਮਾਰਚ ਮਹੀਨੇ 'ਚ ਖੋਲ੍ਹੇ ਗਏ ਡਰੱਗ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਸਰਕਾਰ ਨੇ ਅਪ੍ਰੈਲ ਮਹੀਨੇ 'ਚ ਸਾਬਕਾ SSP ਰਾਜਜੀਤ ਹੁੰਦਲ 'ਤੇ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫ਼ਰਾਰ ਚਲ ਰਹੇ ਹਨ। 

ਇਸ ਤੋਂ ਪਹਿਲਾਂ ਜੁਲਾਈ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ ਮੁਲਜ਼ਮ ਬਣਾਏ ਗਏ SSP ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਭਗੌੜਾ ਐਲਾਨਣ ਦੀ ਪ੍ਰਕਿਰਿਆ 'ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਹੁੰਦਲ ਨੂੰ ਕਿਹਾ ਸੀ ਕਿ ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ 'ਤੇ ਕੋਰਟ ਬਾਅਦ 'ਚ ਸੁਣਵਾਈ ਕਰੇਗੀ।"

ਹੁੰਦਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ। ਪਟੀਸ਼ਨ 'ਤੇ ਸਵਾਲ ਉਠਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ 'ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਕਿ ਉਸ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਸਨ।

ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਸੀ। 

Related Post