Shiromani Akali Dal ਨੇ ਆਪ ਸਰਕਾਰ ਵੱਲੋਂ ਰਾਜ ਸਭਾ ਸੀਟਾਂ ਵੇਚਣ ਦੀ ਕੀਤੀ ਨਿਖੇਧੀ

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਕਰੋੜਪਤੀਆਂ ਨੂੰ ਰਾਜ ਸਭਾ ਸੀਟਾਂ 100-100 ਕਰੋੜ ਰੁਪਏ ਵਿਚ ਵੇਚਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਹੋਰ 16 ਮਹੀਨਿਆਂ ਬਾਅਦ ਉਹਨਾਂ ਦੇ ਹਿੱਤ ਵੇਚਣ ਵਾਸਤੇ ਆਪ ਨੂੰ ਜਵਾਬਦੇਹ ਠਹਿਰਾਉਣਗੇ।

By  Shanker Badra October 7th 2025 09:28 PM

Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਵੱਲੋਂ ਕਰੋੜਪਤੀਆਂ ਨੂੰ ਰਾਜ ਸਭਾ ਸੀਟਾਂ 100-100 ਕਰੋੜ ਰੁਪਏ ਵਿਚ ਵੇਚਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਹੋਰ 16 ਮਹੀਨਿਆਂ  ਬਾਅਦ ਉਹਨਾਂ ਦੇ ਹਿੱਤ ਵੇਚਣ ਵਾਸਤੇ ਆਪ ਨੂੰ ਜਵਾਬਦੇਹ ਠਹਿਰਾਉਣਗੇ।

ਰਾਜ ਸਭਾ ਦੀ ਸੀਟ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਦੇਣ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਗੁਪਤਾ ਤੇ ਉਹਨਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਰਹੇ ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਵਿਕਰਮਜੀਤ ਸਾਹਨੀ ਦਰਮਿਆਨ ਇਹੀ ਸਾਂਝ ਹੈ ਕਿ ਇਹ ਸਾਰੇ ਹੀ ਕਰੋੜਪਤੀ ਹਨ। ਉਹਨਾਂ ਕਿਹਾ ਕਿ ਸਿਰਫ ਆਪ ਦੇ ਖ਼ਜ਼ਾਨੇ ਭਰਨ ਵਾਸਤੇ ਹੀ ਰਾਜ ਸਭਾ ਸੀਟਾਂ ਲਈ ਇਹਨਾਂ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ  ਪੰਜਾਬ ਦੀਆਂ ਰਾਜ ਸਭਾ ਸੀਟਾਂ 100-100 ਕਰੋੜ ਰੁਪਏ ਵਿਚ ਵੇਚੀਆ ਗਈਆਂ ਹਨ।

ਪਰਮਬੰਸ ਸਿੰਘ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ ਰਾਜ ਸਭਾ ਦੀ ਸੀਟ ਨਹੀਂ ਬਲਕਿ ਪੰਜਾਬ ਦੀ ਆਵਾਜ਼ ਵੇਚੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਉਦਯੋਗਪਤੀਆਂ ਦਾ ਪੰਜਾਬ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਕਿਉਂਕਿ ਇਹਨਾਂ ਨੂੰ ਸੀ ਬੀ ਆਈ, ਇਨਕਮ ਟੈਕਸ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦਾ ਡਰਾਵਾ ਦੇ ਕੇ ਦਬਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਰਾਜ ਸਭਾ ਮੈਂਬਰਾਂ ਦਾ ਕੰਮਕਾਜ ਸਭ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਇਹਨਾਂ ਮੈਂਬਰਾਂ ਨੇ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਕਿਸਾਨਾਂ ਦੀ ਮਦਦ ਵਾਸਤੇ ਕੁਝ ਨਹੀਂ ਕੀਤਾ।

ਪਰਮਬੰਸ ਸਿੰਘ ਰੋਮਾਣਾ ਨੇ ਆਪ ਦੇ ਦੋਗਲੇ ਮਿਆਰ ਦੀ ਗੱਲ ਕਰਦਿਆਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਪਹਿਲਾਂ ਸਰਦਾਰ ਭਗਵੰਤ ਮਾਨ ਕਹਿੰਦੇ ਸਨ ਕਿ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੂੰ ਜਾਅਲੀ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਸੀ ਤੇ ਉਹਨਾਂ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਬਣਨ ਤੋਂ ਬਾਅਦ ਬੀਬੀ ਖਾਲੜਾ ਅਤੇ ਪਾਰਟੀ ਲਈ ਕੰਮ ਕਰਨ ਵਾਸਤੇ ਵਾਲੰਟੀਅਰਾਂ ਨੂੰ ਅਣਡਿੱਠ ਕਰ ਦਿੱਤਾ ਗਿਆ ਅਤੇ ਰਾਜ ਸਭਾ ਸੀਟਾਂ ਸਭ ਤੋਂ ਵੱਧ ਬੋਲੀ ਦੇਣ ਵਾਲਿਆਂ ਨੂੰ ਵੇਚੀਆਂ ਜਾ ਰਹੀਆਂ ਹਨ।

ਪਰਮਬੰਸ ਸਿੰਘ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਆਪ ਵੇਚ ਰਹੇ ਹਨ ਕਿ ਸੂਬੇ ਵਿਚ ਕੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਆਪਣੇ ਚਹੇਤਿਆਂ ਨੂੰ 65,000 ਏਕੜ ਜ਼ਮੀਨ ਐਕਵਾਇਰ ਕਰ ਕੇ ਵੇਚਣ ਦੀ ਕੋਸ਼ਿਸ਼ ਕੀਤੀ। ਹੁਣ ਇਹ ਸੰਵਿਧਾਨਕ ਅਹੁਦੇ ਵੇਚ ਕੇ ਪੈਸੇ ਇਕੱਠੇ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਸ ਖੁੱਲ੍ਹੀ ਲੁੱਟ ਵਾਸਤੇ ਪੰਜਾਬੀ ਇਹਨਾਂ ਨੂੰ ਜਵਾਬਦੇਹ ਠਹਿਰਾਉਣਗੇ।

Related Post