ਅਕਾਲੀ ਦਲ ਨੇ CM ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਚ ਸ਼ਾਂਤੀਪੂਰਨ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਮੰਗੀ

By  Amritpal Singh November 28th 2023 07:14 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ।

ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ।

ਕੋਰ ਕਮੇਟੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ।

ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ।

ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ।

ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ।

ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ  ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।

ਕਮੇਟੀ ਨੇ ਸੂਬੇ ਵਿਚ ਗੰਨਾ ਕਿਸਾਨਾਂ ਨੂੰ ਗੰਨੇ ਦਾ ਸਹੀ ਭਾਅ ਨਾ ਦੇਣ ’ਤੇ ਨਾਖੁਸ਼ੀ ਜ਼ਾਹਰ ਕੀਤੀ ਅਤੇ ਮੰਗ ਕੀਤੀ ਕਿ ਆਪ ਸਰਕਾਰ ਕਿਸਾਨਾਂ ਵਾਸਤੇ ਤੁਰੰਤ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਐਲਾਨ ਅਤੇ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਿਹਨਾਂ ਦੀ ਫਸਲ ਹੜ੍ਹਾਂ ਜਾਂ ਬਿਮਾਰੀਆਂ ਨਾਲ ਮਰ ਗਈ ਹੈ।

Related Post