ਪੰਜਾਬ ਪੁਲਿਸ ਵੱਲੋਂ ਇੱਕ ਹੋਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਗ੍ਰਿਫ਼ਤਾਰ, ਅਕਾਲੀ ਦਲ ਵੱਲੋਂ ECI ਨੂੰ ਤਰਨਤਾਰਨ ਚ ਦਰਜ ਸਾਰੀਆਂ FIRs ਦੀ ਜਾਂਚ ਦੀ ਮੰਗ

Gursewak Singh Sheikh News : ਇੱਕ ਹੋਰ ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਹ ਦਾਅਵਾ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬੀਬੀ ਕੰਚਨਪ੍ਰੀਤ ਕੌਰ ਨੇ ਕੀਤਾ ਹੈ।

By  KRISHAN KUMAR SHARMA November 16th 2025 09:20 PM -- Updated: November 16th 2025 09:40 PM

Shiromani Akali Dal : ਤਰਨਤਾਰਨ ਜ਼ਿਮਨੀ ਚੋਣਾਂ ਭਾਵੇਂ ਨਿਬੜ ਗਈਆਂ ਹਨ, ਪਰ ਪੰਜਾਬ ਪੁਲਿਸ ਵੱਲੋਂ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਖਿਲਾਫ਼ ਕਾਰਵਾਈ ਰੁਕਣ ਦਾ ਨਾਂਅ ਨਹੀਂ ਲੈ ਰਹੀ। ਪੰਜਾਬ ਪੁਲਿਸ ਵੱਲੋਂ ਅਕਾਲੀ ਦਲ ਦੇ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਹੋਰ ਸੀਨੀਅਰ ਆਗੂ ਗੁਰਸੇਵਕ ਸਿੰਘ ਸ਼ੇਖ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਹ ਦਾਅਵਾ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬੀਬੀ ਕੰਚਨਪ੍ਰੀਤ ਕੌਰ ਨੇ ਕੀਤਾ ਹੈ।

ਅਕਾਲੀ ਆਗੂਆਂ ਨੇ ਪੋਸਟਾਂ ਸਾਂਝੀਆਂ ਕਰਦਿਆਂ ਦਾਅਵਾ ਕੀਤਾ ਕਿ ਪੁਲਿਸ ਨੇ ਗੁਰਸੇਵਕ ਸਿੰਘ ਸ਼ੇਖ ਸਮੇਤ ਦਰਜਨਾਂ ਅਕਾਲੀ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਸੇਵਕ ਸਿੰਘ ਸ਼ੇਖ, ਅਕਾਲੀ ਦਲ ਦੀ ਸਰਕਾਰ ਸਮੇਂ ਚੇਅਰਮੈਨ ਰਹਿ ਚੁੱਕੇ ਹਨ। ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਅਨੁਸਾਰ, ਗੁਰਸੇਵਕ ਸਿੰਘ ਨੂੰ ਝਬਾਲ ਪੁਲਿਸ ਦੁਪਹਿਰ ਸਮੇਂ ਲੈ ਕੇ ਗਈ ਸੀ।


ਜ਼ਿਕਰਯੋਗ ਹੈ ਕਿ ਅਜੇ ਬੀਤੇ ਦਿਨ ਹੀ ਪੁਲਿਸ ਵੱਲੋਂ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਐਤਵਾਰ ਨੂੰ ਇਹ ਕਾਰਵਾਈ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਸਾਬਕਾ ਚੇਅਰਮੈਨ ਸ਼ੇਖ ਦੇ ਖਿਲਾਫ ਥਾਣਾ ਝਬਾਲ ਦੀ ਪੁਲਿਸ ਨੇ ਪਿੰਡ ਪੱਧਰੀ ਕਲਾਂ ’ਚ ਹਥਿਆਰਾਂ ਨਾਲ ਲੈੱਸ ਹੋ ਕੇ ਵੋਟਰਾਂ ਨੂੰ ਡਰਾ ਧਮਕਾ ਕੇ ਵੋਟਾਂ ਦੀ ਖਰੀਦੋ ਫਰੋਖਤ ਕਰਨ ਦੇ ਸਬੰਧ 'ਚ ਕੇਸ ਕਰਨ ਸਬੰਧੀ ਦੱਸਿਆ ਜਾ ਰਿਹਾ ਹੈ।

ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕੀਤੀ ਨਿਖੇਧੀ

ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਗ੍ਰਿਫ਼ਤਾਰੀ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਨ੍ਹਾਂ  ਕਿਹਾ ਕਿ ਤਰਨਤਾਰਨ ਚੋਣ ਨਤੀਜਿਆਂ ਤੋਂ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਬੁਖਲਾਹਟ 'ਚ ਹੈ, ਜਿਸ ਕਾਰਨ ਅਕਾਲੀ ਆਗੂਆਂ ਤੇ ਵਰਕਰਾਂ 'ਤੇ ਝੂਠੇ ਪਰਚੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਯਾਦ ਰੱਖੇ, ਸ਼੍ਰੋਮਣੀ ਅਕਾਲੀ ਦਲ ਦੇ ਯੋਧੇ ਸਰਕਾਰੀ ਜ਼ਬਰ ਅੱਗੇ ਨਾ ਝੁਕੇ ਸੀ, ਨਾ ਝੁਕਣਗੇ।

ਅਕਾਲੀ ਦਲ ਨੇ ਮੁੱਖ ਚੋਣ ਕਮਿਸ਼ਨ ਨੂੰ ਕੀਤੀ ਅਪੀਲ

ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ 'ਚ ਦਰਜ ਸਾਰੀਆਂ ਐਫਆਈਆਰ ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਦਾ ਰੁਖ਼ ਕੀਤਾ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਚੋਣ ਕਮਿਸ਼ਨ ਨੂੰ ਪੋਸਟ ਸਾਂਝੀ ਕਰਦੇ ਹੋਏ ਮੰਗ ਕੀਤੀ ਹੈ।

ਉਨ੍ਹਾਂ ਕਿਹਾ, ''ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹੈ ਕਿ ਨਤੀਜਿਆਂ ਦੇ ਐਲਾਨ ਤੋਂ ਤੁਰੰਤ ਬਾਅਦ ਤਰਨਤਾਰਨ ਵਿੱਚ ਦਰਜ ਸਾਰੀਆਂ ਐਫਆਈਆਰਜ਼ ਦੀ ਸੁਤੰਤਰ ਜਾਂਚ ਦਾ ਹੁਕਮ ਦਿੱਤਾ ਜਾਵੇ। ਜੇਕਰ ਸੂਬਾ ਸਰਕਾਰ ਅਤੇ ਗਲਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਚੋਣ ਕਮਿਸ਼ਨ ਵਿੱਚ ਜਨਤਾ ਦਾ ਵਿਸ਼ਵਾਸ ਬੁਰੀ ਤਰ੍ਹਾਂ ਟੁੱਟ ਜਾਵੇਗਾ, ਜੋ ਭਵਿੱਖ ਦੀਆਂ ਚੋਣਾਂ ਲਈ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੇਗਾ।ਅਜਿਹੀਆਂ ਬੇਮਿਸਾਲ ਅਤੇ ਗੈਰ-ਕਾਨੂੰਨੀ ਕਾਰਵਾਈਆਂ ਕਰਕੇ, ਸਰਕਾਰ ਜਨਤਾ ਨੂੰ ਡਰਾਉਣਾ ਅਤੇ ਇਹ ਸੰਕੇਤ ਦੇਣਾ ਚਾਹੁੰਦੀ ਹੈ ਕਿ ਚੋਣ ਕਮਿਸ਼ਨ ਦਾ ਅਧਿਕਾਰ ਚੋਣਾਂ ਨਾਲ ਹੀ ਖਤਮ ਹੋ ਜਾਂਦਾ ਹੈ। ਇਸ ਬਦਲਾਖੋਰੀ ਦੀ ਰਾਜਨੀਤੀ ਦਾ ਉਦੇਸ਼ ਉਨ੍ਹਾਂ ਆਗੂਆਂ ਨੂੰ ਸਜ਼ਾ ਦੇਣਾ ਹੈ ਜਿਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੇ ਦਬਾਅ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ।''

ਪੋਸਟ 'ਚ ਅੱਗੇ ਲਿਖਿਆ ਹੈ, ''ਸ਼੍ਰੋਮਣੀ ਅਕਾਲੀ ਦਲ ਵੱਲੋਂ ਲਿਖਤੀ ਸ਼ਿਕਾਇਤ ਦੇ ਬਾਵਜੂਦ, ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਨ੍ਹਾਂ ਨੇ ਸਾਡੇ ਉਮੀਦਵਾਰ ਦੀ ਧੀ, ਕੰਚਨ ਪ੍ਰੀਤ ਕੌਰ ਦਾ ਜਾਅਲੀ ਨੰਬਰ ਪਲੇਟਾਂ ਵਾਲੀ ਗੱਡੀ ਵਿੱਚ ਸ਼ੱਕੀ ਢੰਗ ਨਾਲ ਪਿੱਛਾ ਕੀਤਾ। ਇਸ ਦੀ ਬਜਾਏ, ਨਤੀਜਿਆਂ ਤੋਂ ਬਾਅਦ, ਘਟਨਾ ਦਾ ਪਰਦਾਫਾਸ਼ ਕਰਨ ਵਾਲਿਆਂ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਚੋਣ ਕਮਿਸ਼ਨ ਨੂੰ ਸਿੱਧੀ ਚੁਣੌਤੀ ਹੈ। ਸ਼੍ਰੋਮਣੀ ਅਕਾਲੀ ਦਲ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹੈ ਕਿ ਇੱਕ ਸੁਤੰਤਰ ਚੋਣ ਨਿਗਰਾਨ ਰਾਹੀਂ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।''

Related Post