Lakhimpur Kheri Case: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ SIT ਕੀਤੀ ਭੰਗ, ਇੱਥੇ ਜਾਣੋ ਪੂਰਾ ਮਾਮਲਾ

Lakhimpur Kheri Case: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਭੰਗ ਕਰ ਦਿੱਤਾ ਹੈ।

By  Amritpal Singh September 18th 2023 02:16 PM -- Updated: September 18th 2023 02:22 PM

Lakhimpur Kheri Case: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਭੰਗ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਪੂਰੀ ਹੋ ਗਈ ਹੈ ਅਤੇ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ ਨੇ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਕਰ ਰਹੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਰਾਕੇਸ਼ ਕੁਮਾਰ ਜੈਨ ਨੂੰ ਵੀ ਨਿਗਰਾਨੀ ਦੇ ਕੰਮ ਤੋਂ ਰਾਹਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਵਿੱਚੋਂ ਚਾਰ ਕਿਸਾਨ ਸਨ।


ਤਿੰਨ ਸੀਨੀਅਰ ਅਧਿਕਾਰੀ ਐਸਆਈਟੀ ਦਾ ਹਿੱਸਾ ਸਨ

ਲਖੀਮਪੁਰ ਖੀਰੀ ਜ਼ਿਲ੍ਹੇ ਦੇ ਟਿਕੁਨੀਆ ਵਿੱਚ ਹੋਈ ਇਸ ਹਿੰਸਾ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਸਆਈਟੀ ਨੂੰ ਭੰਗ ਕਰਨ ਦਾ ਹੁਕਮ ਦਿੰਦੇ ਹੋਏ ਕਿਹਾ ਕਿ ਜੇਕਰ ਐਸਆਈਟੀ ਦੇ ਪੁਨਰਗਠਨ ਦੀ ਲੋੜ ਮਹਿਸੂਸ ਹੋਈ ਤਾਂ ਇਸ ਸਬੰਧੀ ਢੁਕਵਾਂ ਆਦੇਸ਼ ਦਿੱਤਾ ਜਾਵੇਗਾ। ਤਿੰਨ ਸੀਨੀਅਰ ਆਈਪੀਐਸ ਅਧਿਕਾਰੀ ਐਸਬੀ ਸ਼ਿਰੋਡਕਰ, ਦੀਪੇਂਦਰ ਸਿੰਘ ਅਤੇ ਪਦਮਜਾ ਚੌਹਾਨ ਇਸ ਐਸਆਈਟੀ ਦਾ ਹਿੱਸਾ ਸਨ।

ਮਾਮਲਾ ਕੀ ਸੀ

ਲਖੀਮਪੁਰ ਖੀਰੀ ਦੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਇੱਕ ਐਸਯੂਵੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲ ਦਿੱਤਾ। ਜਿਸ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ SUV ਦੇ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਸੁਪਰੀਮ ਕੋਰਟ ਨੇ 11 ਜੁਲਾਈ ਨੂੰ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ, ਜਿਸ ਨੂੰ 26 ਸਤੰਬਰ ਤੱਕ ਵਧਾ ਦਿੱਤਾ ਗਿਆ ਸੀ।

ਇਸ ਮਾਮਲੇ 'ਚ ਆਸ਼ੀਸ਼ ਮਿਸ਼ਰਾ ਸਮੇਤ ਕੁੱਲ 13 ਦੋਸ਼ੀ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ 'ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹੈ। 

Related Post