PTC News
Search
🔍 Search

Ashirwad scheme Scam : ਆਪ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਰੋੜਾਂ ਦਾ ਘਪਲਾ

10 ਖਾਤਿਆਂ ’ਚ 57 ਵਾਰ ਪਹੁੰਚੀ ਰਕਮ

By  Jaswinder Kaur November 11th 2026 12:53 PM

Ashirwad scheme Scam :  ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਆਸ਼ੀਰਵਾਦ ਸਕੀਮ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਸਾਲ 2023 ਤੋਂ 2025 ਦੌਰਾਨ ਸਕੀਮ ਤਹਿਤ ਰਾਸ਼ੀ ਵੰਡਣ ਵਿੱਚ ਕਈ ਬੇਨਿਯਮੀਆਂ ਸਾਹਮਣੇ ਆਈਆਂ ਹਨ। ਦੂਜੇ ਪਾਸੇ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਵੱਲੋਂ ਕੀਤੀ ਗਈ ਜਾਂਚ ਵਿੱਚ ਵੀ 62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਨਵਦੀਪ ਸਿੰਘ ਪੱਟੀ ਨੇ ਇਸ ਸਬੰਧੀ ਪੰਜਾਬ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਮੁਹਾਲੀ ਨੇ ਸ਼ਿਕਾਇਤ ਨੰਬਰ 415/2026 ਦਰਜ ਕਰ ਕੇ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਤੋਂ ਸਬੰਧਤ ਰਿਕਾਰਡ ਮੰਗਵਾ ਲਿਆ ਹੈ। ਵਿਜੀਲੈਂਸ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਤੋਂ ਸਾਲ 2023 ਤੋਂ 2025 ਤੱਕ ਆਈਆਂ ਅਰਜ਼ੀਆਂ ਅਤੇ ਰਾਸ਼ੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਹੈ।

ਇਹ ਵੀ ਪੜ੍ਹੋ : 

https://www.ptcnews.tv/news-in-punjabi/ed-summons-aap-punjabamp039s-mla-4431572

10 ਲਾਭਪਾਤਰੀਆਂ ਦੇ ਖਾਤਿਆਂ ’ਚ 57 ਵਾਰ ਹੋਈ ਅਦਾਇਗੀ

ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10 ਅਜਿਹੇ ਲਾਭਪਾਤਰੀ ਸਾਹਮਣੇ ਆਏ ਹਨ, ਜਿਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਸ਼ੀਰਵਾਦ ਸਕੀਮ ਤਹਿਤ ਵਾਰ-ਵਾਰ ਪੈਸੇ ਟਰਾਂਸਫਰ ਕੀਤੇ ਗਏ। ਇਨ੍ਹਾਂ 10 ਲਾਭਪਾਤਰੀਆਂ ਦੇ ਖਾਤਿਆਂ ਵਿੱਚ ਕੁੱਲ 57 ਐਂਟਰੀਆਂ ਦਰਜ ਹੋਣ ਦਾ ਦਾਅਵਾ ਹੈ।

ਇਨ੍ਹਾਂ ਵਿੱਚ ਜੋਬਨਦੀਪ ਸਿੰਘ ਨਾਮ ਦੇ ਲਾਭਪਾਤਰੀ ਦੇ ਖਾਤੇ ਵਿੱਚ 13 ਐਂਟਰੀਆਂ ਹੋਈਆਂ ਹਨ। ਖ਼ਾਸ ਗੱਲ ਇਹ ਹੈ ਕਿ 16 ਮਈ 2023 ਨੂੰ ਇੱਕੋ ਦਿਨ ਤਿੰਨ ਅਤੇ 21 ਅਗਸਤ 2023 ਨੂੰ ਛੇ ਵਾਰ ਰਾਸ਼ੀ ਟਰਾਂਸਫਰ ਕੀਤੀ ਗਈ। ਇਸੇ ਤਰ੍ਹਾਂ ਬਲਜਿੰਦਰ ਕੌਰ ਅਤੇ ਮਨਜਿੰਦਰ ਕੌਰ ਦੇ ਖਾਤਿਆਂ ਵਿੱਚ ਅੱਠ-ਅੱਠ ਐਂਟਰੀਆਂ, ਜਦਕਿ ਵਿਕਰਮਜੀਤ ਸਿੰਘ ਅਤੇ ਗੁਰਮੀਤ ਕੌਰ ਦੇ ਖਾਤਿਆਂ ਵਿੱਚ ਛੇ-ਛੇ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ।

ਨਿਯਮਾਂ ਮੁਤਾਬਕ ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਹੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਅਜਿਹੇ ਵਿੱਚ ਇੱਕੋ ਲਾਭਪਾਤਰੀ ਦੇ ਖਾਤੇ ਵਿੱਚ ਵਾਰ-ਵਾਰ ਰਾਸ਼ੀ ਪਹੁੰਚਣ ਦੇ ਮਾਮਲਿਆਂ ਨੇ ਜਾਂਚ ਨੂੰ ਹੋਰ ਅਹਿਮ ਬਣਾ ਦਿੱਤਾ ਹੈ।

ਪੰਜ ਜ਼ਿਲ੍ਹਿਆਂ ਤੱਕ ਵਧਾਇਆ ਜਾਂਚ ਦਾ ਘੇਰਾ

ਇਸ ਮਾਮਲੇ ਵਿੱਚ ਵਿੱਤ ਵਿਭਾਗ ਦੇ ਵਧੀਕ ਡਾਇਰੈਕਟਰ (ਖ਼ਜ਼ਾਨਾ ਤੇ ਲੇਖਾ) ਵੱਲੋਂ 6 ਅਕਤੂਬਰ ਨੂੰ ਮੀਟਿੰਗ ਵੀ ਕੀਤੀ ਗਈ ਸੀ, ਜਿਸ ਵਿੱਚ ਸਬੰਧਤ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਸਮਾਜਿਕ ਨਿਆਂ ਅਤੇ ਅਧਿਕਾਰਤਾ ਤੇ ਘੱਟਗਿਣਤੀ ਵਿਭਾਗ ਨੇ ਜਾਂਚ ਦਾ ਦਾਇਰਾ ਪੰਜ ਜ਼ਿਲ੍ਹਿਆਂ ਤੱਕ ਵਧਾ ਦਿੱਤਾ ਹੈ।

ਮਾਨਸਾ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਫ਼ਾਜ਼ਿਲਕਾ ਵਿੱਚ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਦੀ ਜਾਂਚ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਲਾਭਪਾਤਰੀਆਂ ਨੂੰ ਰਾਸ਼ੀ ਜਾਰੀ ਕਰਨ ਲਈ ਸੂਬਾ ਪੱਧਰ ’ਤੇ ਭੁਗਤਾਨ ਪੋਰਟਲ ਬਣਾਇਆ ਗਿਆ ਹੈ।

ਸ਼ਿਕਾਇਤਕਰਤਾ ਨਵਦੀਪ ਸਿੰਘ ਪੱਟੀ ਨੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਚਿਤਾਵਨੀ ਵੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਸਿਰਫ਼ ਅੰਮ੍ਰਿਤਸਰ ਤੱਕ ਸੀਮਤ ਨਹੀਂ ਹੋ ਸਕਦੀਆਂ, ਇਸ ਲਈ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਜਾਂਚ ਹੋਣੀ ਚਾਹੀਦੀ ਹੈ।

62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਦੀ ਪੁਸ਼ਟੀ

ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ਦੀ ਡਾਇਰੈਕਟਰ ਵਿੰਮੀ ਭੁੱਲਰ ਮੁਤਾਬਕ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਕਰਵਾਈ ਗਈ ਜਾਂਚ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ 62 ਮਾਮਲਿਆਂ ਵਿੱਚ ਗ਼ਲਤ ਅਦਾਇਗੀ ਹੋਣ ਦਾ ਪਤਾ ਲੱਗਾ ਹੈ। ਉਨ੍ਹਾਂ ਦੱਸਿਆ ਕਿ ਹੋਰ ਚਾਰ ਜ਼ਿਲ੍ਹਿਆਂ ਵਿੱਚ ਵੀ ਜਾਂਚ ਕੀਤੀ ਗਈ, ਪਰ ਉੱਥੇ ਕੋਈ ਵੱਡੀ ਬੇਨਿਯਮੀ ਸਾਹਮਣੇ ਨਹੀਂ ਆਈ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਹੁਣ ਪੂਰੇ ਪੰਜਾਬ ਵਿੱਚ ਆਸ਼ੀਰਵਾਦ ਸਕੀਮ ਦਾ ਆਡਿਟ ਕਰਵਾਇਆ ਜਾਵੇਗਾ। ਮੁੱਢਲੀ ਜਾਣਕਾਰੀ ਅਨੁਸਾਰ ਇਸ ਗੜਬੜ ਲਈ ਹੇਠਲੇ ਪੱਧਰ ਦੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਸਾਹਮਣੇ ਆ ਰਹੀ ਹੈ। ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਕੀਮ ਦਾ ਗ਼ਲਤ ਲਾਭ ਲੈਣ ਵਾਲੇ ਲੋਕਾਂ ਤੋਂ ਰਾਸ਼ੀ ਵਾਪਸ ਵਸੂਲਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਸਮਾਜਿਕ ਨਿਆਂ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਵਿੱਚ ਕੁਝ ਬੇਨਿਯਮੀਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਤੁਰੰਤ ਜਾਂਚ ਦੇ ਨਿਰਦੇਸ਼ ਦਿੱਤੇ ਸਨ ਅਤੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੀ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਂਚ ਵਿੱਚ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Related Post