ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਪੱਤਰ ਜਾਰੀ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤੇ ਆਦੇਸ਼

Sri Akal Takht Sahib: ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ

By  Amritpal Singh June 25th 2026 02:39 PM -- Updated: June 25th 2026 03:04 PM

Sri Akal Takht Sahib: ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। 










ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ www.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਾਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ 2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੂੰ ਪੱਤਰ ਮਿਤੀ 23 ਜੂਨ 2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ।

ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।

Related Post