ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਨੇ ਡਰੋਨ ਨੂੰ ਸੁੱਟਿਆ, ਤਲਾਸ਼ੀ ਮੁਹਿੰਮ ਜਾਰੀ

Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰ ਬਾਣੀ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਡਰੋਨ ਬਰਾਮਦ ਕੀਤਾ ਹੈ।

By  Amritpal Singh April 13th 2023 12:27 PM

Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰ ਬਾਣੀ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਡਰੋਨ ਬਰਾਮਦ ਕੀਤਾ ਹੈ। ਬਰਾਮਦ ਕੀਤੇ ਗਏ ਡਰੋਨ 'ਚੋਂ ਸੁਰੱਖਿਆ ਬਲਾਂ ਨੇ 2 ਲੱਖ ਭਾਰਤੀ ਰੁਪਏ, 131 ਰਾਊਂਡ ਗੋਲੀਆਂ, ਮੈਗਜ਼ੀਨ ਬਰਾਮਦ ਕੀਤੇ ਹਨ।

ਸੁਰੱਖਿਆ ਬਲਾਂ ਨੇ ਦੱਸਿਆ ਕਿ ਰਾਤ ਕਰੀਬ 10.30 ਵਜੇ ਜਦੋਂ ਸਥਾਨਕ ਲੋਕਾਂ ਨੇ ਡਰੋਨ ਉਡਾਣ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਸੁਰੱਖਿਆ ਯੂਨਿਟਾਂ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਰਾਤ 11:45 ਦੇ ਕਰੀਬ ਇਸ ਡਰੋਨ ਨੂੰ ਗੋਲੀਆਂ ਮਾਰ ਕੇ ਸੁੱਟ ਲਿਆ ਅਤੇ ਡਰੋਨ ਚੋ ਸਮਾਨ ਵੀ ਬਰਾਮਦ ਹੋਇਆ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਪੁੰਛ ਨੇੜਲੇ ਇਲਾਕੇ 'ਚ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅੱਤਵਾਦੀ 9 ਅਪ੍ਰੈਲ ਤੋਂ ਇੱਥੇ ਸਰਗਰਮ ਹਨ, ਜਿਨ੍ਹਾਂ ਦੀ ਭਾਲ 'ਚ ਫੌਜੀ ਟੁਕੜੀਆਂ ਪਹਿਲਾਂ ਹੀ ਇਲਾਕੇ 'ਚ ਗਸ਼ਤ ਕਰ ਰਹੀਆਂ ਹਨ। ਇਸ ਸਬੰਧ 'ਚ ਬੁੱਧਵਾਰ ਸ਼ਾਮ ਨੂੰ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਹੈ।

ਜੀ-20 ਦੀ ਬੈਠਕ ਕੁਝ ਦਿਨਾਂ 'ਚ ਹੋਵੇਗੀ

ਆਉਣ ਵਾਲੇ ਕੁਝ ਦਿਨਾਂ 'ਚ ਜੰਮੂ-ਕਸ਼ਮੀਰ 'ਚ ਜੀ-20 ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਸਬੰਧੀ ਅਲਰਟ 'ਤੇ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਨ ਜਾ ਰਹੇ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ (13 ਅਪ੍ਰੈਲ) ਨੂੰ ਦਿੱਲੀ 'ਚ ਹੋਣ ਵਾਲੀ ਬੈਠਕ 'ਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖੇਤਰਾਂ ਦੀ ਸਥਿਤੀ, ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸਮੀਖਿਆ ਕਰਨਗੇ। ਇਸ ਮੀਟਿੰਗ ਵਿੱਚ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ, ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਹੋਣਗੇ।


Related Post