ਹੁਣ ਗੁਰਮੰਤਰ ਤੇ ਅਰਦਾਸ ਨਾਲ ਸ਼ੁਰੂ ਹੋਵੇਗੀ SGPC ਮੁਲਾਜ਼ਮਾਂ ਦੀ ਡਿਊਟੀ ! ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੇ ਨਵੇਂ ਨਿਰਦੇਸ਼

SGPC : ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ।

By  KRISHAN KUMAR SHARMA March 25th 2026 01:23 PM -- Updated: March 25th 2026 01:24 PM

SGPC : ​ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਆਦੇਸ਼ਾਂ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਟਾਫ  ਵੱਲੋਂ ਆਪਣੀ ਰੋਜ਼ਾਨਾ ਦੀ ਡਿਊਟੀ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਰੂਪ ਵਿੱਚ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ। ਜਾਪ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ ਕਿ ਉਹ ਸਭ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾਉਣ ਦਾ ਬਲ ਬਖਸ਼ਣ।

​ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਮੂਹ ਮੁਲਾਜ਼ਮਾਂ ਵੱਲੋਂ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸੇਵਾਦਾਰ ਅਤੇ ਮੁਲਾਜ਼ਮ ਉਸੇ ਦਿਨ ਤੋਂ ਇਸ ਮਰਯਾਦਾ ਨੂੰ ਅਪਣਾ ਚੁੱਕੇ ਹਨ ਅਤੇ ਹੁਣ ਹਰ ਰੋਜ਼ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਜਾਂਦਾ ਹੈ।

ਮੈਨੇਜਰ ਧੰਗੇੜਾ ਨੇ ਸਿੱਖ ਸਿਧਾਂਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮੂਲ ਉਪਦੇਸ਼ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਸਾਡੇ ਜੀਵਨ ਦਾ ਆਧਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਇਸ ਪਿਰਤ ਨੂੰ ਪਾ ਰਹੇ ਹਨ, ਉੱਥੇ ਹੀ ਹਰ ਇੱਕ ਸਿੱਖ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੀ ਕਿਰਤ-ਕਮਾਈ ਸ਼ੁਰੂ ਕਰਨ ਤੋਂ ਪਹਿਲਾਂ ਗੁਰਬਾਣੀ ਦਾ ਜਾਪ ਕਰੇ।

​ਇਸ ਦੇ ਨਾਲ ਹੀ ਉਨ੍ਹਾਂ ਨੇ 'ਦਸਵੰਧ' ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਮਹੀਨੇ ਦੇ ਅਖੀਰ ਵਿੱਚ ਤਨਖਾਹ ਦੇ ਰੂਪ ਵਿੱਚ ਜੋ ਵੀ ਮਾਇਆ ਪ੍ਰਾਪਤ ਹੁੰਦੀ ਹੈ, ਉਸ ਵਿੱਚੋਂ ਗੁਰੂ ਦੀ ਗੋਲਕ ਲਈ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਨੇਕ ਕਾਰਜਾਂ ਲਈ ਵਰਤਿਆ ਜਾ ਸਕੇ। ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਲਈ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਮੈਨੇਜਰ ਸਤਨਾਮ ਸਿੰਘ ਝਬਾਲ  ਮੈਨੇਜਰ ਗੁਰਪ੍ਰੀਤ ਸਿੰਘ ਸਮੇਤ ਅਨੇਕਾਂ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

Related Post