ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਚ SGPC ਵੱਲੋਂ ਗੁਰਮਤਿ ਸਮਾਗਮ
Gurmat Samagam : ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਮਤਿ ਸਮਾਗਮ (Gurmat Samagam) ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਇਸ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀ ਮੁੱਖ ਸਟੇਜ ਉੱਤੇ ਗੁਰਮਤਿ ਸਮਾਗਮ ਚਲਦੇ ਰਹੇ ਜਿਸ ਵਿੱਚ ਕਥਾਵਾਚਕ ਅਤੇ ਕਵੀਸ਼ਰ ਢਾਡੀ ਜਥਿਆਂ ਨੇ ਸੰਗਤ ਨਾਲ ਸ਼ਹੀਦਾਂ ਦਾ ਇਤਿਹਾਸ ਸਾਂਝਾ ਕਰਦਿਆਂ ਸਤਿਕਾਰ ਭੇਟ ਕੀਤਾ।
ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ, ਦਿਲਬਾਗ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।
ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਬਾਰੇ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸਿੱਖ ਨੌਜੁਆਨੀ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਦਰਜ ਇਨ੍ਹਾਂ ਸ਼ਹਾਦਤਾਂ ਦੀ ਗਾਥਾ ਪੜ੍ਹ-ਸੁਣ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿਚ ਲਾਸਾਨੀ ਅਤੇ ਗੌਰਵਮਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਕੌਮ ਦੀਆਂ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਦੇ ਨਾਲ-ਨਾਲ ਚੜ੍ਹਦੀ ਕਲਾ ਲਈ ਸੰਕਲਪ ਕਰਨਾ ਚਾਹੀਦਾ ਹੈ।