SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਏਕਤਾ ਦਾ ਸੱਦਾ; ਸਰਕਾਰ ਨੂੰ ਅੜੀਅਲ ਰਵੱਈਆ ਛੱਡਣ ਦੀ ਚਿਤਾਵਨੀ

ਧਾਮੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਵਿਰੋਧ ਨਹੀਂ ਕਰਦੀ, ਪਰ ਇਸ ਦੀ ਆੜ ਵਿੱਚ ਗੁਰਦੁਆਰਾ ਕਮੇਟੀਆਂ, ਗ੍ਰੰਥੀਆਂ ਅਤੇ ਕਸਟੋਡੀਅਨਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ।

By  Aarti May 18th 2026 04:24 PM

ਪੰਜਾਬ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਕੰਮਕਾਜ ਵਿੱਚ ਕਥਿਤ ਦਖ਼ਲਅੰਦਾਜ਼ੀ ਅਤੇ ਜਾਗ ਜੋਤ ਐਕਟ 2008 ਵਿੱਚ ਕੀਤੀਆਂ ਤਰਮੀਮਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਅੱਜ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜੀ ਪੰਥਕ ਇਕੱਠ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ ਸੀ। ਧਾਮੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਵਿਰੋਧ ਨਹੀਂ ਕਰਦੀ, ਪਰ ਇਸ ਦੀ ਆੜ ਵਿੱਚ ਗੁਰਦੁਆਰਾ ਕਮੇਟੀਆਂ, ਗ੍ਰੰਥੀਆਂ ਅਤੇ ਕਸਟੋਡੀਅਨਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ।

ਇਸ ਮੁੱਦੇ ’ਤੇ ਪੰਥਕ ਰਾਏ ਬਣਾਉਣ ਲਈ ਮਾਲਵਾ, ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਾਅਦ ਅੱਜ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਨਿਰਮਲਾ ਪੰਥ ਸਮੇਤ ਵੱਖ-ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਇੱਕ ਸੁਤੰਤਰ ਵਿਧਾਨ ਹੈ ਅਤੇ ਸ਼੍ਰੋਮਣੀ ਕਮੇਟੀ ਇੱਕ ਚੁਣੀ ਹੋਈ ਸੰਵਿਧਾਨਕ ਸੰਸਥਾ ਵਜੋਂ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਆਪਣੇ ਸਰਵਿਸ ਰੂਲ, ਪ੍ਰੋਵੀਡੈਂਟ ਫੰਡ, ਚੋਣ ਪ੍ਰਣਾਲੀ ਅਤੇ ਆਡਿਟ ਪ੍ਰਬੰਧ ਹਨ, ਜੋ ਪੰਜਾਬ ਸਰਕਾਰ ਦੇ ਅਧੀਨ ਨਹੀਂ ਆਉਂਦੇ।

ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੀ ਸ਼੍ਰੋਮਣੀ ਕਮੇਟੀ ਦੀ ਸਹਿਮਤੀ ਤੋਂ ਬਿਨਾਂ ਐਕਟ ਵਿੱਚ ਤਬਦੀਲੀ ਨਹੀਂ ਕਰ ਸਕਦੀ। ਧਾਮੀ ਨੇ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਅਕਾਲੀ ਆਗੂਆਂ ਨੂੰ ਮਤਭੇਦ ਭੁਲਾ ਕੇ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਪੰਥ ਵੱਲੋਂ ਸੰਘਰਸ਼ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  : AAP ਦੇ ਇੱਕ ਹੋਰ ਲੀਡਰ ਖਿਲਾਫ਼ ED ਦਾ ਵੱਡਾ ਐਕਸ਼ਨ, 7 ਘੰਟੇ ਦੀ ਰੇਡ ਪਿੱਛੋਂ ਦੀਪਕ ਸਿੰਗਲਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Related Post